ਵਿਧਾਇਕ ਸੁਖਵਿੰਦਰ ਸੁੱਖੀ ਦੀ ਨਵਾਂਸ਼ਹਿਰ ਕੋਠੀ ਅੱਗੇ ਧਰਨਾ 22 ਫਰਵਰੀ ਨੂੰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 20 ਫ਼ਰਵਰੀ,2026
22 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਸੁੱਖਵਿੰਦਰ ਕੁਮਾਰ ਸੁੱਖੀ ਦੇ ਨਵਾਂਸ਼ਹਿਰ ਰਿਹਾਇਸ਼ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਲਈ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨ ਅਤੇ ਪੈਨਸ਼ਨਰਜ਼ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਸਥਾਨਕ ਬਾਰਾਦਰੀ ਬਾਗ਼ ਵਿਚ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ,ਕੁਲ ਹਿੰਦ ਕਿਸਾਨ ਸਭਾ ਦੇ ਜਿਲਾ ਸਕੱਤਰ ਜਸਵਿੰਦਰ ਸਿੰਘ ਭੰਗਲ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ,ਪੈਨਸ਼ਨਰਜ਼ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਅਟਵਾਲ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025, ਸੀਡ ਸੋਧ ਬਿੱਲ 2025,ਅਮਰੀਕਾ ਨਾਲ਼ ਕੀਤੇ ਅਸਾਵੇਂ ਮੁਕਤ ਵਪਾਰ ਸਮਝੌਤੇ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਅਨੁਸਾਰ 22 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਬੰਗਾ ਦੇ ਵਿਧਾਇਕ ਸੁੱਖਵਿੰਦਰ ਸੁੱਖੀ ਦੇ ਨਵਾਂਸ਼ਹਿਰ ਘਰ ਅੱਗੇ 11 ਵਜੇ ਤੋਂ 3 ਵਜੇ ਤੱਕ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਪੂਰੇ ਜੋਰਾਂ ਸ਼ੋਰਾਂ ਨਾਲ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਬਠਿੰਡਾ ਜਿਲੇ ਵਿੱਚ ਭਗਵੰਤ ਮਾਨ ਦੀ ਸਰਕਾਰ ਦੀ ਪੁਲਸ ਨੇ ਇੱਕੱਠੇ ਹੋਏ ਕਿਸਾਨਾਂ ਉੱਤੇ ਜਬਰ ਢਾਹਿਆ ਹੈ ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਨੇ ਅਮਰੀਕਾ ਨਾਲ਼ ਮੁਕਤ ਵਪਾਰ ਸਮਝੌਤਾ ਕਰਕੇ ਭਾਰਤ ਦੇ ਲੋਕਾਂ ਨਾਲ਼ ਵੱਡਾ ਧੋਖਾ ਕੀਤਾ ਹੈ ਜਿਹੜਾ ਭਾਰਤ ਦੀ ਖੇਤੀ ਨੂੰ ਬਰਬਾਦ ਕਰ ਦੇਵੇਗਾl ਅਸਲ ਵਿੱਚ ਮੋਦੀ ਨੇ ਭਾਰਤ ਨੂੰ ਕਾਰਪੋਰੇਟਾਂ ਦੇ ਹੱਥ ਵੇਚ ਦਿੱਤਾ ਹੈ l ਇਸੇ ਤਰ੍ਹਾਂ ਬਿਜਲੀ ਸੋਧ ਅਤੇ ਸੀਡ ਬਿੱਲ ਵੀ ਬਿਜਲੀ ਅਤੇ ਸੀਡ ਨੂੰ ਕਾਰਪੋਰੇਟਾਂ ਹਵਾਲੇ ਕਰਨ ਦੀ ਤਿਆਰੀ ਹੈ l ਲੋਕ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇl ਅੱਜ ਦੀ ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਸਕੱਤਰ ਤਰਸੇਮ ਸਿੰਘ ਬੈਂਸ, ਬੀ ਕੇ ਯੂ ਕਾਦੀਆਂ ਦੇ ਆਗੂ ਸੁਖਦੇਵ ਸਿੰਘ ਸਜਾਵਲ ਪੁਰ,ਪੈਨਸ਼ਨਰਜ਼ ਯੂਨੀਅਨ ਦੇ ਆਗੂ ਵਿਜੇ ਕੁਮਾਰ,ਨਰਿੰਦਰ ਮਹਿਤਾ, ਇਫਟੂ ਦੇ ਜਿਲਾ ਪ੍ਰਧਾਨ ਗੁਰਦਿਆਲ ਰੱਕੜ ਵੀ ਮੌਜੂਦ ਸਨ।