ਵਿਧਾਇਕ ਲਖਬੀਰ ਸਿੰਘ ਰਾਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ, 24 ਫਰਵਰੀ2026 :ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਹਲਕੇ ਅੰਦਰ ਬਣਾਏ ਜਾ ਰਹੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋਣ ਵਾਲੀ ਰਜਿਸਟ੍ਰੇਸ਼ਨ ਦੀ ਖੁਦ ਨਜ਼ਰਸ਼ਾਨੀ ਕਰ ਰਹੇ ਹਨ, ਤਾਂ ਜ਼ੋ ਕੋਈ ਵੀ ਹਲਕੇ ਦਾ ਵਸਨੀਕ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਤੋਂ ਵਾਂਝਾ ਨਾ ਰਹੇ
ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੌਰਾਨ ਹਰੇਕ ਪਰਿਵਾਰ ਕੋਲ ਮੋਬਾਈਲ ਫ਼ੋਨ ਹੋਣਾ ਲਾਜ਼ਮੀ ਹੈ ਜੋ ਆਧਾਰ ਕਾਰਡ ਨਾਲ ਲਿੰਕ ਹੋਇਆ ਹੋਵੇ, ਤਾਂ ਜੋ ਰਜਿਸਟ੍ਰੇਸ਼ਨ ਪ੍ਰਕਿਰਿਆ ਸੁਚੱਜੇ ਢੰਗ ਨਾਲ ਪੂਰੀ ਕੀਤੀ ਜਾ ਸਕੇ
ਉਨ੍ਹਾਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭ ਤੋਂ ਪਹਿਲਾਂ ਲਾਭਪਾਤਰੀ ਵੱਲੋਂ ਪਰਚੀ ਲਈ ਜਾਂਦੀ ਹੈ, ਉਸ ਤੋਂ ਬਾਅਦ ਸੈਲਫ਼ ਡੈਕਲਾਰੇਸ਼ਨ ਫਾਰਮ ਭਰਿਆ ਜਾਂਦਾ ਹੈ। ਫਾਰਮ ਭਰਨ ਤੋਂ ਬਾਅਦ ਵਲੰਟੀਅਰਾਂ ਵੱਲੋਂ ਦਸਤਾਵੇਜ਼ਾਂ ਅਤੇ ਜਾਣਕਾਰੀ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਂਦੀ ਹੈ। ਜਦੋਂ ਸਾਰਾ ਕੁਝ ਠੀਕ ਪਾਇਆ ਜਾਂਦਾ ਹੈ, ਤਦ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਆ ਰਹੀ ਹੈ, ਤਾਂ ਉਸ ਦਾ ਹੱਲ ਮੌਕੇ ‘ਤੇ ਹੀ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਹਲਕੇ ਦੇ ਨੌਜਵਾਨਾਂ ਲਈ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਕੰਪਿਊਟਰ ਦੀ ਜਾਣਕਾਰੀ ਹੈ, ਉਨ੍ਹਾਂ ਲਈ ਰੋਜ਼ਗਾਰ ਪ੍ਰਾਪਤ ਕਰਨ ਦਾ ਇਹ ਸੁਨਹਿਰਾ ਮੌਕਾ ਹੈ। ਨ੍ਹਾਂ ਦੱਸਿਆ ਕਿ ਵਧੀਆ ਕੰਮ ਕਰਨ ਵਾਲੇ ਓਪਰੇਟਰਾਂ ਨੂੰ ਭਵਿੱਖ ਵਿੱਚ ਸਿਹਤ ਮਿੱਤਰਾ ਸਕੀਮ ਤਹਿਤ ਨੌਕਰੀ ਵੀ ਦਿੱਤੀ ਜਾਵੇਗੀ।
ਉਨ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਵਾ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ