ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਖੂਨਦਾਨ ਕੈਂਪ ਦੀ ਸ਼ੁਰੂਆਤ, 4 ਮਾਰਚ ਤੱਕ ਜਾਰੀ ਰਹੇਗਾ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 3 ਮਾਰਚ ,2026
ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਪਿਆਰਾ ਪਾਰਕ ਵਿੱਚ ਮੈਗਾ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ.ਨਵਰੂਪ ਕੌਰ ਨੇ ਦੱਸਿਆ ਕਿ ਇਹ ਮੈਗਾ ਕੈਂਪ 4 ਮਾਰਚ ਤੱਕ ਲਗਾਤਾਰ ਜਾਰੀ ਰਹੇਗਾ ਅਤੇ ਇਸ ਦੌਰਾਨ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਨੂੰ ਖੂਨਦਾਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਦਰਜੇ ਦੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹੋਲਾ ਮਹੱਲਾ ਮੌਕੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਪਹੁੰਚਦੇ ਹਨ, ਜਿਸਨੂੰ ਧਿਆਨ ਵਿੱਚ ਰੱਖਦਿਆਂ ਇਹ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ ਹੈ ਤਾਂ ਜੋ ਐਮਰਜੈਂਸੀ ਸਥਿਤੀਆਂ ਦੌਰਾਨ ਖੂਨ ਦੀ ਕੋਈ ਘਾਟ ਨਾ ਰਹੇ। ਕੈਂਪ ਵਿੱਚ ਤਜਰਬੇਕਾਰ ਡਾਕਟਰੀ ਟੀਮਾਂ ਵੱਲੋਂ ਦਾਨੀਆਂ ਦੀ ਪੂਰੀ ਜਾਂਚ ਉਪਰੰਤ ਹੀ ਖੂਨ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਸਾਰੇ ਸੁਰੱਖਿਆ ਮਿਆਰਾਂ ਦੀ ਪਾਲਣਾ ਕੀਤੀ ਜਾ ਰਹੀ ਹੈ।
ਇਸ ਮੈਗਾ ਕੈਂਪ ਨੂੰ ਸਫਲ ਬਣਾਉਣ ਵਿੱਚ ਡਾ. ਹਰਲੀਨ ਕੌਰ ਮੈਡੀਕਲ ਅਫਸਰ, ਅਮਨਦੀਪ ਟੈਕਨੀਕਲ ਸੁਪਰਵਾਈਜ਼ਰ, ਹਰਪ੍ਰੀਤ ਕੌਰ ਲੈਬ ਟੈਕਨੀਸ਼ਨ ਅਤੇ ਹੋਰ ਸਿਹਤ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਵੱਲੋਂ ਦਾਨੀਆਂ ਦੀ ਰਜਿਸਟ੍ਰੇਸ਼ਨ, ਸਿਹਤ ਜਾਂਚ ਅਤੇ ਖੂਨ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਸੰਭਾਲਿਆ ਜਾ ਰਿਹਾ ਹੈ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਖੂਨਦਾਨ ਕਰਕੇ ਇਸ ਪਵਿੱਤਰ ਮੌਕੇ ਨੂੰ ਸੇਵਾ ਦੇ ਰੂਪ ਵਿੱਚ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇੱਕ ਯੂਨਿਟ ਖੂਨ ਤਿੰਨ ਜ਼ਿੰਦਗੀਆਂ ਬਚਾ ਸਕਦਾ ਹੈ, ਇਸ ਲਈ ਹਰ ਯੋਗ ਵਿਅਕਤੀ ਨੂੰ ਅੱਗੇ ਆ ਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ