ਸਵੱਛ ਭਾਰਤ ਮਿਸ਼ਨ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ
ਬਠਿੰਡਾ, 3 ਮਾਰਚ 2026 : ਡਿਪਟੀ ਕਮਿਸ਼ਨਰ ਸ਼੍ਰੀ ਰਾਜ਼ੇਸ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੱਛ ਭਾਰਤ ਮਿਸ਼ਨ ਤਹਿਤ ਮਿਤੀ 1 ਮਾਰਚ ਤੋਂ 15 ਮਾਰਚ ਤੱਕ ਮਨਾਏ ਜਾ ਰਹੇ ਸਵੱਛਤਾ ਪੱਖਵਾੜੇ ਦੌਰਾਨ ਜ਼ਿਲ੍ਹੇ ਦੇ 1392 ਆਂਗਣਵਾੜੀ ਕੇਂਦਰਾਂ ਵਿੱਚ ਵਿਆਪਕ ਪੱਧਰ ’ਤੇ ਸਫ਼ਾਈ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਅਭਿਆਨ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਫ਼ਾਈ, ਸਿਹਤ ਅਤੇ ਸੁੱਚੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਮਾਜ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪੰਕਜ ਕੁਮਾਰ ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ, ਸਰਕਾਰੀ ਦਫ਼ਤਰਾਂ ਅਤੇ ਵੱਖ-ਵੱਖ ਜਨਤਕ ਸਥਾਨਾਂ ’ਤੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ ਹੈ। ਇਸ ਦੌਰਾਨ ਕਰਮਚਾਰੀਆਂ ਅਤੇ ਲਾਭਪਾਤਰੀਆਂ ਵੱਲੋਂ ਆਪਣੇ ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਉਣ ਲਈ ਸਫ਼ਾਈ ਸਹੁੰ ਲਈ ਗਈ ਅਤੇ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਵੀ ਕੀਤਾ ਗਿਆ ।
ਪੱਖਵਾੜੇ ਦੌਰਾਨ ਕੂੜਾ ਪ੍ਰਬੰਧਨ, ਨਿੱਜੀ ਸਫ਼ਾਈ ਅਤੇ ਪਲਾਸਟਿਕ ਦੇ ਘੱਟ ਇਸਤੇਮਾਲ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਬੱਚਿਆਂ ਅਤੇ ਮਾਤਾਵਾਂ ਨੂੰ ਰੋਜ਼ਾਨਾ ਜੀਵਨ ਵਿੱਚ ਸਫ਼ਾਈ ਦੇ ਅਹਿਮ ਪੱਖਾਂ ਬਾਰੇ ਸਮਝਾਇਆ ਗਿਆ ਤਾਂ ਜੋ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਸੰਭਾਲ ਕਰ ਸਕਣ ।
ਇਸ ਦੌਰਾਨ ਦੱਸਿਆ ਕਿ ਸਵੱਛਤਾ ਪੱਖਵਾੜਾ ਦੇਸ਼-ਪੱਧਰੀ ਮਹੱਤਵਪੂਰਨ ਅਭਿਆਨ ਹੈ, ਜਿਸ ਰਾਹੀਂ ਸਾਫ਼-ਸੁਥਰੇ ਅਤੇ ਸਿਹਤਮੰਦ ਸਮਾਜ ਦੀ ਨਿਰਮਾਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਸਥਾਨਕ ਨਿਵਾਸੀਆਂ ਨੇ ਸਵੱਛਤਾ ਬਣਾਈ ਰੱਖਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਲਈ ਸੰਕਲਪ ਲਿਆ।