ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਤੇ ਕੀਤਾ ਰੋਸ਼ ਪ੍ਰਦਰਸਨ
ਦਲਜੀਤ ਕੌਰ
ਸੰਗਰੂਰ, 7 ਅਪ੍ਰੈਲ, 2026: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਡੀਸੀ ਸੰਗਰੂਰ ਰਾਹੀਂ ਗਵਰਨਰ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ,ਬੀਕੇਯੂ ਡਕੌਂਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਐਡਵੋਕੇਟ ਕਿਰਨਜੀਤ ਸਿੰਘ ਸ਼ੇਖੋਂ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਅਮਰੀਕ ਸਿੰਘ ਕਾਂਝਲਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਨਵਾਂਗਾਂਉ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾਂ, ਬੀਕੇਯੂ ਉਗਰਾਹਾਂ ਦੇ ਔਰਤ ਆਗੂ ਜਸਵੀਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨੀ ਮਸਲਿਆਂ ਪ੍ਰਤੀ ਦੁਸ਼ਮਣਾਂ ਵਾਲਾ ਵਤੀਰਾ ਅਪਣਾ ਰਹੀਆਂ ਹਨ।ਕਿਸਾਨਾਂ ਦੀਆਂ ਫਸਲਾਂ ਨੂੰ ਵਪਾਰੀ ਦੋਹੇਂ ਹੱਥੀਂ ਲੁੱਟ ਰਹੇ ਹਨ। ਪਰ ਸਰਕਾਰਾਂ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਫਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ ਤੇ ਖਰੀਦ ਯਕੀਨੀ ਨਹੀਂ ਬਣਾਈ ਜਾ ਰਹੀ ਅਤੇ ਇਸੇ ਤਰ੍ਹਾਂ ਬਿਜਲੀ ਬਿੱਲ 2025 ਨੂੰ ਲਾਗੂ ਕਰਨ ਲਈ ਵਿਉਂਤਾਂ ਬਣਾਈਆਂ ਜਾ ਰਹੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਫੌਰੀ ਕਿਸਾਨੀ ਕਰਜੇ ਤੇ ਲੀਕ ਮਾਰੀ ਜਾਵੇ, ਬਿਜਲੀ ਬਿੱਲ 2025 ਰੱਦ ਕੀਤਾ ਜਾਵੇ, ਸਮਾਰਟ ਮੀਟਰ ਲਾਉਣੇ ਬੰਦ ਕੀਤੇ ਜਾਣ ਅਤੇ ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਦਾ ਕੀਤਾ ਜਾਵੇ ਤੇ ਪੰਜਾਬ ਦੇ ਦਰਿਆਵਾਂ ਵਿੱਚ ਜਹਿਰਾਂ ਪਾਉਣੀਆਂ ਬੰਦ ਕੀਤੀਆਂ ਜਾਣ, ਇਹਨਾਂ ਤੋਂ ਬਿਨਾਂ ਕਿਸਾਨਾਂ ਦੀਆਂ ਫਸਲਾਂ ਦਾ ਬੀਮਾ ਅਤੇ 60 ਸਾਲ ਤੋਂ ਉੱਪਰ ਦੇ ਕਿਸਾਨਾਂ ਨੂੰ ਪੈਨਸ਼ਨ ਦਿੱਤੀ ਜਾਵੇ, ਖੇਤੀ ਵਿੱਚੋਂ ਕਾਰਪੋਰੇਟ ਨੂੰ ਬਾਹਰ ਕੀਤਾ ਜਾਵੇ।ਆਗੂਆਂ ਨੇ ਕਿਹਾ ਕਿ ਉਪਰੋਕਤ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਉਪਰੋਕਤ ਆਗੂਆਂ ਤੋਂ ਬਿਨਾਂ ਅੱਜ ਦੇ ਰੋਸ਼ ਧਰਨੇ ਨੂੰ ਕੁੱਲ ਹਿੰਦ ਖੇਤ ਮਜ਼ਦੂਰ ਸਭਾ ਦੇ ਜ਼ਿਲਾ ਆਗੂ ਨਿਰੰਜਨ ਸਿੰਘ ਚੁਨਾਗਰਾ ਅਤੇ ਕਿਸਾਨ ਆਗੂ ਕਰਮ ਸਿੰਘ ਬਲਿਆਲ, ਕੁਲਵਿੰਦਰ ਸਿੰਘ ਮਾਝਾ, ਇੰਦਰਪਾਲ ਸਿੰਘ ਪੁੰਨਾਂਵਾਲ, ਜਰਨੈਲ ਸਿੰਘ ਜਹਾਂਗੀਰ, ਜਨਕ ਸਿੰਘ ਭਟਾਲ, ਜਗਤਾਰ ਸਿੰਘ ਦੁੱਗਾਂ, ਹਰਮੇਲ ਸਿੰਘ ਮਹਿਰੋਕ, ਜੰਗ ਸਿੰਘ ਚਾਂਗਲੀ ਨੇ ਵੀ ਸੰਬੋਧਨ ਕੀਤਾ।