ਵਿਸਾਖੀ ਮੇਲੇ ਦੀਆਂ ਤਿਆਰੀਆਂ ਸੰਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 7 ਅਪ੍ਰੈਲ 2026: ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਲਾਨਾ ਵਿਸਾਖੀ ਮੇਲੇ ਦੇ ਦਿਹਾੜੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਡਾਇਰੈਕਟਰ ਪੰਜਾਬ ਡਾ ਅਨਿਲ ਗੋਇਲ ਵੱਲੋਂ ਜਿਲ੍ਹੇ ਦੇ ਸਿਹਤ ਅਧਿਕਾਰੀਆਂ ਨਾਲ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦੀ ਸਮੀਖਿਆ ਲਈ ਮਹੱਤਵਪੂਰਨ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਡਾ ਅਨਿਲ ਗੋਇਲ ਨੇ ਸਿਹਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਮੇਲੇ ਦੌਰਾਨ ਆਉਣ ਵਾਲੀ ਭਾਰੀ ਸ਼ਰਧਾਲੂਆਂ ਦੀ ਭੀੜ ਨੂੰ ਦੇਖਦਿਆਂ ਸਾਰੇ ਸਿਹਤ ਪ੍ਰਬੰਧ ਮੁਕੰਮਲ ਤੌਰ ‘ਤੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ, ਐਂਬੂਲੈਂਸ ਸਹੂਲਤ, ਮੈਡੀਕਲ ਟੀਮਾਂ ਦੀ ਤੈਨਾਤੀ ਅਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਹੋਰ ਕਿਹਾ ਕਿ ਮੇਲੇ ਦੇ ਸਥਾਨ ‘ਤੇ ਅਸਥਾਈ ਮੈਡੀਕਲ ਕੈਂਪ ਲਗਾਏ ਜਾਣ ਅਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੀਟ ਸਟ੍ਰੋਕ ਅਤੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਵੀ ਫੈਲਾਈ ਜਾਵੇ।ਮੀਟਿੰਗ ਵਿੱਚ ਸਫਾਈ ਪ੍ਰਬੰਧਾਂ ‘ਤੇ ਵੀ ਖਾਸ ਜ਼ੋਰ ਦਿੱਤਾ ਗਿਆ ਅਤੇ ਸਿਹਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਕਿ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਨਿਯਮਿਤ ਜਾਂਚ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਉਹਨਾਂ ਹਸਪਤਾਲ ਦੀਆਂ ਐਮਰਜੈਂਸੀ ਸੇਵਾਵਾਂ ਦਾ ਨਿਰੀਖਣ ਵੀ ਕੀਤਾ ।
ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਿਹਤ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਵੱਖ ਵੱਖ ਵਿਭਾਗਾਂ ਦੇ ਨਾਲ ਤਾਲਮੇਲ ਬਣਾ ਕੇ ਮੇਲੇ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਮਹੱਈਆ ਕਰਵਾਉਣ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆ ਹਨ । ਉਹਨਾਂ ਦੱਸਿਆ ਕਿ ਇਸ ਮੌਕੇ ਜਿਲ੍ਹਾ ਹਸਪਤਾਲ ਅਤੇ ਸਬ ਡਿਵੀਜਨਲ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਐਂਮਰਜੈਂਸੀ ਸਥਿਤੀ ਵਿੱਚ ਸਿਹਤ ਸਹੂਲਤਾਂ ਲਈ ਐਂਬੂਲੈਂਸਾਂ ਤੈਨਾਤ ਕੀਤੀਆਂ ਜਾਣਗੀਆਂ ਅਤੇ ਸਾਰੇ ਸਿਹਤ ਸੰਸਥਾਨਾਂ ਨੂੰ ਅਲਰਟ ‘ਤੇ ਰੱਖਿਆ ਜਾਵੇਗਾ। ਦਵਾਈਆਂ ਦੀ ਪੂਰੀ ਉਪਲਬਧਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਵਿਸ਼ੇਸ਼ ਤੌਰ ‘ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਜੀਵਨ ਰੱਖਿਅਕ ਘੋਲ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।