ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਸਕੀਮਾਂ ਦਾ ਬਣਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ- ਚੇਅਰਮੈਨ ਮਲਕੀਤ ਸਿੰਘ ਥਿੰਦ
ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਦੇਣ ਵਿੱਚ ਕੋਈ ਦੇਰੀ ਬਰਦਾਸ਼ਤ ਨਹੀਂ ਹੋਵੇਗੀ-
ਰੋਹਿਤ ਗੁਪਤਾ /ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ, 30 ਅਪ੍ਰੈਲ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਅਤੇ ਉਹਨਾ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ।
ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਭਾਗੀ ਪੱਧਰ `ਤੇ ਵਧੇਰੇ ਜਾਗਰੂਕਤਾ ਕੈਂਪ ਲਗਾਏ ਜਾਣਾ ਸਮੇਂ ਦੀ ਅਹਿਮ ਲੋੜ ਹੈ।
ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਬਣਦਾ ਲਾਭ ਦੇਣ ਵਿੱਚ ਢਿੱਲਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਲਈ ਜਨ ਜਾਗਰੂਕਤਾ ਕੀਤੀ ਜਾਵੇ ਤੇ ਲੋੜ ਪੈਣ ਤੇ ਵਿਸ਼ੇਸ਼ ਕੈਂਪ ਵੀ ਲਏ ਜਾਣ।
ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਜਾਰੀ ਕੀਤੇ ਜਾਂਦੇ ਜਾਤੀ ਸਰਟੀਫਿਕੇਟਾਂ 'ਚ ਵੀ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।
ਮੀਟਿੰਗ ਦੌਰਾਨ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸਵੈ ਸੇਵੀ ਗਰੁੱਪਾਂ ਨੂੰ ਦਿੱਤੀ ਜਾਂਦੀ ਸਹਾਇਤਾ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ), ਸਹਿਕਾਰਤਾ, ਸਮਾਜਿਕ ਨਿਆਂ ਤੇ ਅਧਿਕਾਰਤਾ, ਸਿੱਖਿਆ, ਸਮਾਜਿਕ ਸੁਰੱਖਿਆ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਬੀ.ਸੀ ਕਾਰਪੋਰੇਸ਼ਨ, ਲੇਬਰ, ਖੇਤੀਬਾੜੀ ਆਦਿ ਵਿਭਾਗਾਂ ਵੱਲੋਂ ਪੱਛੜੀਆਂ ਸ਼੍ਰੇਣੀਆਂ ਵਰਗਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਬੀਤੇ ਇੱਕ ਵਰ੍ਹੇ ਅੰਦਰ ਦਿੱਤੀਆਂ ਸਹੂਲਤਾਂ ਦੀ ਸਮੀਖਿਆ ਕੀਤੀ।
ਉਨ੍ਹਾਂ ਨੇ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ ਸਮੇਤ ਵੱਖ ਵੱਖ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦੇ ਵਿਭਾਗੀ ਪੱਧਰ ਉਤੇ ਦਿੱਤੇ ਜਾ ਰਹੇ ਲਾਭਾਂ ਬਾਰੇ ਵੀ ਵਿਸਤ੍ਰਿਤ ਸਮੀਖਿਆ ਕੀਤੀ ਅਤੇ ਸਪੱਸ਼ਟ ਹਦਾਇਤ ਕੀਤੀ ਕਿ ਪੱਛੜੀਆਂ ਸ੍ਰੇਣੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਲਈ ਇਕਜੁੱਟ ਹੋ ਕੇ ਯਤਨ ਕੀਤੇ ਜਾਣ।
ਮੀਟਿੰਗ ਦੌਰਾਨ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਵਚਨਬੱਧ ਹੈ ਅਤੇ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਤੋਂ ਪਹਿਲਾਂ ਚੇਅਰਮੈਨ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਭਲਾਈ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ 'ਤੇ ਵਿਚਾਰ ਵਟਾਂਦਾਰਾ ਕੀਤਾ ਅਤੇ ਉਹਨਾ ਦੱਸਿਆ ਕੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਲਈ ਬਹੁਤ ਚੰਗਾ ਕੰਮ ਕਰ ਰਹੀ ਹੈ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸੰਬੰਧਤ ਸਾਰੀ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਹਨਾਂ ਨੇ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸੰਬੰਧਤ ਜਿਨ੍ਹਿਆਂ ਵੀ ਜਥੇਬੰਦੀਆਂ ਜ਼ਿਲਾ ਗੁਰਦਾਸਪੁਰ ਵਿੱਚ ਹਨ, ਉਹ ਲੋਕਾਂ ਦੀ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਮੈਨੂੰ ਭੇਜਣ, ਤਾਂ ਜੋ ਮੁਸ਼ਕਿਲਾਂ ਦਾ ਹੱਲ ਕੀਤਾ ਦਾ ਸਕੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਚੇਅਰਮੈਨ ਮਲਕੀਤ ਸਿੰਘ ਥਿੰਦ ਦਾ ਗੁਰਦਾਸਪੁਰ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ।
ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਪਿੰਟਾ, ਘੱਟ ਗਿਣਤੀ ਵਿੰਗ ਗੁਰਦਾਸਪੁਰ ਦੇ ਮੀਤ ਪ੍ਰਧਾਨ ਪੀਟਰ ਮੱਟੂ, ਬਲਜੀਤ ਸਿੰਘ ਫੌਜੀ ਸੋਸ਼ਲ ਮੀਡੀਆ ਵਾਈਸ ਕੋਆਰਡੀਨੇਟਰ ਹਲਕਾ ਦੀਨਾਨਗਰ, ਰਮੇਸ਼ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ,ਪਵਨ ਕਮਾਰ ਜੁਆਇੰਟ ਸਕੱਤਰ, ਹਰਜਿੰਦਰ ਸਿੰਘ ਬਲਾਕ ਪ੍ਰਧਾਨ ਓ.ਬੀ.ਸੀ ਵਿੰਗ ਗੁਰਦਾਸਪੁਰ,ਅੰਗਰੇਜ਼ ਸਿੰਘ ਬਲਾਕ ਪ੍ਰਧਾਨ ਓ.ਬੀ.ਸੀ ਵਿੰਗ ਦੀਨਾਨਗਰ, ਜਿ਼ਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ ਘੁੰਮਣ, ਨਵਨੀਤ ਕੌਰ ਡੀ.ਐਫ.ਐਸ.ਓ ਗੁਰਦਾਸਪੁਰ, ਰਮਨਦੀਪ ਸਿੰਘ ਐਸ.ਪੀ. ਬਟਾਲਾ, ਡੀ.ਐਸ.ਪੀ. ਸੀਮਾ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਇੰਸਪੈਕਟਰ ਲਵਪੀ੍ਤ ਸਿੰਘ,ਡੀ.ਐਸ.ਐਸ.ਓ ਗੁਰਦਾਸਪੁਰ ਡਾ. ਕਿਰਤਪ੍ਰੀਤ ਕੌਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।