ਮੁਕਤਸਰ ਪੁਲਿਸ ਵੱਲੋਂ ਮਨੁੱਖੀ ਸੇਵਾ ਅਤੇ ਸਨਮਾਨ ਦੇ ਪ੍ਰਤੀਕ – ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਉਪਰਾਲਾ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ 1 ਮਈ 2026 : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਸਮਾਜਕ ਸਾਂਝ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਜਿੱਥੇ ਇੱਕ ਪਾਸੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆਂ ਉਨ੍ਹਾਂ ਨੂੰ ਨਸ਼ਿਆਂ ਅਤੇ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਅਤੇ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ।
ਇਸੇ ਕੜੀ ਤਹਿਤ ਅੱਜ ਮਜ਼ਦੂਰ ਦਿਵਸ ਦੇ ਮੌਕੇ ‘ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇਕ ਵਿਸ਼ੇਸ਼ ਉਪਰਾਲਾ ਕਰਦਿਆਂ ਦਿਨ-ਰਾਤ ਮਿਹਨਤ ਕਰਨ ਵਾਲੇ ਕਿਰਤੀ ਭਰਾਵਾਂ ਅਤੇ ਭੈਣਾਂ ਨਾਲ ਮਿਲ ਕੇ ਉਨ੍ਹਾਂ ਦੀ ਸੇਵਾ ਅਤੇ ਯੋਗਦਾਨ ਨੂੰ ਸਨਮਾਨਿਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ ਗਿਆ ਕਿ ਉਹ ਆਪਣੇ ਕੰਮ ਨੂੰ ਇਮਾਨਦਾਰੀ ਅਤੇ ਸੁਰੱਖਿਅਤ ਢੰਗ ਨਾਲ ਜਾਰੀ ਰੱਖਣ।
ਇਸ ਮੌਕੇ ਉਨ੍ਹਾਂ ਨੂੰ ਮਿਠਾਈਆਂ ਅਤੇ ਹੋਰ ਜ਼ਰੂਰੀ ਸਮਾਨ ਵੰਡ ਕੇ ਸਨਮਾਨ ਪ੍ਰਗਟ ਕੀਤਾ ਗਿਆ, ਜਿਸ ਨਾਲ ਪੁਲਿਸ ਅਤੇ ਆਮ ਜਨਤਾ ਵਿਚਕਾਰ ਭਰੋਸੇ ਦਾ ਰਿਸ਼ਤਾ ਹੋਰ ਮਜ਼ਬੂਤ ਹੋਇਆ। ਇਸ ਉਪਰਾਲੇ ਦਾ ਮੁੱਖ ਮਕਸਦ ਸਮਾਜ ਵਿੱਚ ਹਰ ਵਰਗ ਦੀ ਮਿਹਨਤ ਅਤੇ ਯੋਗਦਾਨ ਨੂੰ ਮਾਨਤਾ ਦੇਣਾ ਅਤੇ ਉਨ੍ਹਾਂ ਨਾਲ ਸਾਂਝ ਬਣਾਉਣਾ ਸੀ।
ਇਸ ਦੌਰਾਨ ਜ਼ਿਲ੍ਹਾ ਟਰੈਫਿਕ ਇੰਚਾਰਜ ਏਐਸਆਈ ਤਰਸੇਮ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਟੀਮ ਵੱਲੋਂ ਕੋਟਕਪੂਰਾ ਰੋਡ ‘ਤੇ ਪਾਰਕ ਦੇ ਨੇੜੇ ਕੰਮ ਕਰ ਰਹੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਸਿਹਤਮੰਦ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਨਰਿੰਦਰ ਸਿੰਘ ਐਨਜੀਓ ਅਤੇ ਉਹਨਾਂ ਦੀ ਟੀਮ ਹਾਜ਼ਰ ਸੀ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਸਮਾਜ ਦੇ ਹਰ ਵਰਗ ਨੂੰ ਮਿਲਜੁਲ ਕੇ ਨਸ਼ਿਆਂ ਦੇ ਖ਼ਾਤਮੇ ਅਤੇ ਕਾਨੂੰਨੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਇੱਕ ਸੁਖੀ, ਸੁਰੱਖਿਅਤ ਅਤੇ ਨਸ਼ਾ-ਮੁਕਤ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ।