ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿੱਚ ਹਰ ਸ਼ਨਿਚਰਵਾਰ ਵਿਸ਼ੇਸ਼ ਜੈਰੀਐਟ੍ਰਿਕ ਓ.ਪੀ.ਡੀ. ਰਾਹੀਂ ਬਜ਼ੁਰਗਾਂ ਦੀ ਮੁਫ਼ਤ ਸਿਹਤ ਜਾਂਚ
ਪ੍ਰਮੋਦ ਭਾਰਤੀ
ਨਵਾਂਸ਼ਹਿਰ 09 ਮਈ , 2026
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ, ਨਵਾਂਸ਼ਹਿਰ ਵੱਲੋਂ ਬਜ਼ੁਰਗਾਂ ਨੂੰ ਜੈਰੀਐਟ੍ਰਿਕ ਓ.ਪੀ.ਡੀ. ਰਾਹੀਂ ਵੱਡੀ ਰਾਹਤ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਅਤੇ ਵਿਸ਼ੇਸ਼ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸ਼ਨਿਚਰਵਾਰ ਜੈਰੀਐਟ੍ਰਿਕ ਓ.ਪੀ.ਡੀ. ਚਲਾਈ ਜਾ ਰਹੀ ਹੈ, ਜਿਸ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੀ ਉਮਰ ਨਾਲ ਸੰਬੰਧਿਤ ਬਿਮਾਰੀਆਂ ਦੀ ਵਿਸ਼ੇਸ਼ ਜਾਂਚ ਅਤੇ ਇਲਾਜ ਕੀਤਾ ਜਾਂਦਾ ਹੈ।
ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਜੈਰੀਐਟ੍ਰਿਕ ਓ.ਪੀ.ਡੀ. ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਦਿਲ ਦੀਆਂ ਬਿਮਾਰੀਆਂ, ਜੋੜਾਂ ਦੇ ਦਰਦ, ਹੱਡੀਆਂ ਦੀ ਕਮਜ਼ੋਰੀ, ਨਜ਼ਰ ਅਤੇ ਸੁਣਨ ਨਾਲ ਜੁੜੀਆਂ ਸਮੱਸਿਆਵਾਂ ਦੀ ਮਾਹਿਰ ਡਾਕਟਰਾਂ ਵੱਲੋਂ ਵਿਸਥਾਰਪੂਰਵਕ ਜਾਂਚ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸੰਤੁਲਿਤ ਆਹਾਰ, ਸਿਹਤਮੰਦ ਜੀਵਨ ਸ਼ੈਲੀ ਅਤੇ ਦਵਾਈਆਂ ਦੀ ਸਹੀ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਉਦੇਸ਼ ਬਜ਼ੁਰਗਾਂ ਨੂੰ ਇਕੋ ਥਾਂ ‘ਤੇ ਗੁਣਵੱਤਾਪੂਰਨ, ਸੁਵਿਧਾਜਨਕ ਅਤੇ ਸਮੇਂ-ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਭਟਕਣਾ ਨਾ ਪਵੇ। ਉਨ੍ਹਾਂ ਨੇ ਕਿਹਾ ਕਿ “ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਸਿਹਤ ਵਿਭਾਗ ਵੱਲੋਂ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ।”
ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਓ.ਪੀ.ਡੀ. ਵਿੱਚ ਆਉਣ ਵਾਲੇ ਬਜ਼ੁਰਗ ਮਰੀਜ਼ਾਂ ਦੀ ਪੂਰੀ ਜਾਂਚ ਉਪਰੰਤ ਜ਼ਰੂਰਤ ਅਨੁਸਾਰ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ ਲਈ ਰੈਫਰ ਵੀ ਕੀਤਾ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿੱਚ ਹਰ ਸ਼ਨਿਚਰਵਾਰ ਚੱਲ ਰਹੀ ਜੈਰੀਐਟ੍ਰਿਕ ਓ.ਪੀ.ਡੀ. ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨਿਯਮਿਤ ਸਿਹਤ ਜਾਂਚ ਰਾਹੀਂ ਬਿਮਾਰੀਆਂ ਤੋਂ ਬਚਾਅ ਯਕੀਨੀ ਬਣਾਉਣ।