ਡਿਪਟੀ ਕਮਿਸ਼ਨਰ ਵੱਲੋਂ ਮਿੰਨੀ ਸਕੱਤਰੇਤ ਦੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ
ਗਰਮੀ ਦੇ ਮੌਸਮ ਦੌਰਾਨ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ, 25 ਮਈ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ ਤਹਿਤ ਲੋਕਾਂ ਨੂੰ ਸਵੇਰੇ 7:30 ਵਜੇ ਤੋਂ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਮਿੰਨੀ ਸਕੱਤਰੇਤ ਸਥਿਤ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ।
ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ, ਲੋਕਾਂ ਲਈ ਕੀਤੇ ਗਏ ਪ੍ਰਬੰਧਾਂ ਅਤੇ ਸਰਕਾਰੀ ਕੰਮਕਾਜ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਗਰਮੀ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਸਰਕਾਰ ਵੱਲੋਂ ਦਫ਼ਤਰਾਂ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਵੇਰੇ ਦੇ ਸਮੇਂ ਦੌਰਾਨ ਹੀ ਸਹੂਲਤਾਂ ਉਪਲਬਧ ਕਰਵਾਉਣਾ ਹੈ ਤਾਂ ਜੋ ਉਹ ਤਿੱਖੀ ਧੁੱਪ ਅਤੇ ਗਰਮੀ ਤੋਂ ਬਚ ਸਕਣ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਦਫ਼ਤਰ ਵਿੱਚ ਸਮੇਂ ਸਿਰ ਕੰਮਕਾਜ ਸ਼ੁਰੂ ਹੋਵੇ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਨਿਪਟਾਏ ਜਾਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੋ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਮਨਜ਼ੂਰੀ ਗੈਰ ਹਾਜ਼ਰ ਪਾਏ ਜਾਣਗੇ ਜਾਂ ਡਿਊਟੀ ਪ੍ਰਤੀ ਲਾਪਰਵਾਹੀ ਵਰਤਣਗੇ, ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਦਫ਼ਤਰ ਵਿੱਚ ਲਾਪਰਵਾਹੀ ਜਾਂ ਹਦਾਇਤਾਂ ਦੀ ਉਲੰਘਣਾ ਪਾਈ ਗਈ ਤਾਂ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਲੋਕ-ਹਿੱਤ ਨੂੰ ਪਹਿਲ ਦੇਣ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੀ ਅਪੀਲ ਕੀਤੀ।