ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 28 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਕੌਂਸਲ ਸਰਹਿੰਦ ਫ਼ਤਹਿਗੜ ਸਾਹਿਬ, ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੀਆਂ ਚੋਣਾਂ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹੁਣ 29 ਮਈ 2026 ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ ਚਾਰ ਕਾਊਂਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ, ਜਿੱਥੇ ਵੋਟਾਂ ਦੀ ਗਿਣਤੀ ਸਵੇਰੇ 08 ਵਜੇ ਤੋਂ ਸ਼ੁਰੂ ਹੋਵੇਗੀ , ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ ਦੀ ਗਿਣਤੀ ਮਾਤਾ ਗੁਜਰੀ ਸਕੂਲ ਆਫ ਐਮੀਨੈਂਸ, ਫਤਿਹਗੜ੍ਹ ਸਾਹਿਬ ਅਤੇ ਨਗਰ ਕੌਂਸਲ ਬਸੀ ਪਠਾਣਾਂ ਦੀ ਗਿਣਤੀ ਆਈ.ਟੀ.ਆਈ. ਬੱਸੀ ਪਠਾਣਾ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਮਲੋਹ (ਕੰਨਿਆ) ਅਤੇ ਨਗਰ ਪੰਚਾਇਤ ਖਮਾਣੋਂ ਦੀ ਗਿਣਤੀ ਸਕੂਲ ਆਫ ਐਮੀਨੈਂਸ, ਖਮਾਣੋਂ ਕਲਾਂ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈ ਜਾਵੇਗੀ
ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਉਮੀਦਵਾਰਾਂ, ਉਨ੍ਹਾਂ ਦੇ ਗਿਣਤੀ ਏਜੰਟਾਂ, ਰਿਟਰਨਿੰਗ ਅਫ਼ਸਰਾਂ ਅਤੇ ਸਬੰਧਤ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਟਰਾਂਗ ਰੂਮ ਖੋਲ੍ਹੇ ਜਾਣਗੇ ਅਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈ ਜਾਵੇਗੀ , ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰਾਂ ਦੀ ਦੇਖ-ਰੇਖ ਹੇਠ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਜਾ ਚੁੱਕੀ ਹੈ ਤਾਂ ਜੋ ਗਿਣਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ , ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਕਾਊਂਟਿੰਗ ਸੈਂਟਰਾਂ ਦੇ ਆਲੇ-ਦੁਆਲੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਬਿਨਾਂ ਅਧਿਕਾਰ ਪੱਤਰ ਕਿਸੇ ਵੀ ਵਿਅਕਤੀ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਸਮੂਹ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਚੋਣ ਨਤੀਜਿਆਂ ਦੌਰਾਨ ਸ਼ਾਂਤੀ, ਸਹਿਯੋਗ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਤਾਂ ਜੋ ਆਪਸੀ ਪਿਆਰ ਅਤੇ ਮਿਲਵਰਤਣ ਨਾਲ ਗਿਣਤੀ ਪ੍ਰਕਿਰਿਆ ਮੁਕੰਮਲ ਹੋ ਸਕੇ