ਗੁਰਦਾਸਪੁਰ : ਭਾਜਪਾ ਨੇ 29 ਦੀਆਂ 29 ਵਾਰਡਾਂ ਵਿੱਚ ਉਤਾਰੇ ਆਪਣੇ ਉਮੀਦਵਾਰ, ਸਾਰਿਆਂ ਨੇ ਕਾਗਜ਼ ਕੀਤੇ ਦਾਖਲ
ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਨੇ ਮਿਉਂਸਪਲ ਕੌਂਸਲ ਚੋਣਾਂ ਵਿੱਚ ਉਮੀਦਵਾਰਾਂ ਨੂੰ ਵਧਾਈ ਦਿੱਤੀ ਆਮ ਆਦਮੀ ਪਾਰਟੀ 'ਤੇ ਲਾਏ ਗੰਭੀਰ ਦੋਸ਼
ਰੋਹਿਤ ਗੁਪਤਾ
ਗੁਰਦਾਸਪੁਰ : ਗੁਰਦਾਸਪੁਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਨੇ ਅੱਜ ਮਿਉਂਸਪਲ ਕੌਂਸਲ ਚੋਣਾਂ ਲਈ ਨਾਮਜ਼ਦ ਕੀਤੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜ਼ਿਲ੍ਹੇ ਭਰ ਵਿੱਚ ਕੌਂਸਲ ਚੋਣਾਂ ਲਈ ਮਜ਼ਬੂਤ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ।ਇਸ ਦੌਰਾਨ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਘੇਲ ਸਿੰਘ ਨੇ ਸੂਬਾ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਲੰਬੇ ਸਮੇਂ ਤੋਂ ਪ੍ਰਸ਼ਾਸਨ ਨਾਲ ਦੁਰਵਿਹਾਰ ਕਰਕੇ ਲੋਕਤੰਤਰ ਦਾ ਘਾਣ ਕੀਤਾ ਹੈ ਅਤੇ ਚੋਣਾਂ ਵਿੱਚ ਧਾਂਧਲੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿੱਚ ਕੂੜੇ ਦੀ ਸਮੱਸਿਆ ਅਤੇ ਗੰਦਗੀ ਕਾਰਨ ਫੈਲ ਰਹੀਆਂ ਬਿਮਾਰੀਆਂ ਲਈ ਵੀ ਸੂਬਾ ਸਰਕਾਰ ਜ਼ਿੰਮੇਵਾਰ ਹੈ।
ਜ਼ਿਲ੍ਹਾ ਪ੍ਰਧਾਨ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਗਾਰੰਟੀਆਂ ਦੇ ਨਾਂ 'ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਅਤੇ 10 ਲੱਖ ਦੇ ਹੈਲਥ ਬੀਮਾ ਕਾਰਡ ਦੇਣ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ ਹਨ।ਅੰਤ ਵਿੱਚ ਬਘੇਲ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ 'ਕੰਮ' ਦੇ ਆਧਾਰ 'ਤੇ ਵੋਟਾਂ ਮੰਗ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਜਨ-ਹਿਤੈਸ਼ੀ ਸਕੀਮਾਂ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਦਾ ਲਾਭ ਲੈਣ ਲਈ ਉਤਸ਼ਾਹਿਤ ਕਰਨ ਦਾ ਭਰੋਸਾ ਦਿੱਤਾ।