ਰਾਜਿੰਦਰਾ ਕਾਲਜ ਬਠਿੰਡਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਅਤੇ ਰੁੱਖ ਲਾਓ ਮੁਹਿੰਮ
ਅਸ਼ੋਕ ਵਰਮਾ
ਬਠਿੰਡਾ, 6 ਜੂਨ 2026: ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਜਯੋਤਸਨਾ ਦੀ ਅਗਵਾਈ ਹੇਠ ਕਾਲਜ ਦੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ. ਵਿਭਾਗ ਦੇ ਸਾਂਝੇ ਉੱਦਮ ਨਾਲ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਭਾਸ਼ਣ ਅਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ ।ਇਸ ਦੌਰਾਨ ਵਾਤਾਵਰਣ ਸੰਭਾਲ ਦੇ ਮਹੱਤਵ ਬਾਰੇ ਪ੍ਰੋ. ਅੰਜਲੀ ਠਾਕੁਰ ਨੇ ਵਿਸ਼ੇਸ਼ ਭਾਸ਼ਣ ਦਿੱਤਾ। ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਵਧ ਰਹੇ ਪ੍ਰਦੂਸ਼ਣ, ਜਲਵਾਯੂ ਪਰਿਵਰਤਨ ਅਤੇ ਕੁਦਰਤੀ ਸ੍ਰੋਤਾਂ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਕਿਹਾ ਕਿ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਇਹ ਵਾਤਾਵਰਣ ਸੰਤੁਲਨ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਕਾਲਜ ਕੈਂਪਸ ਵਿੱਚ ਕਾਲਜ ਪ੍ਰਿੰਸੀਪਲ, ਈਕੋ ਕਲੱਬ ਦੇ ਮੈਂਬਰਾਂ, ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਅਤੇ ਵਲੰਟੀਅਰਾਂ ਵੱਲੋਂ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ। ਭਾਗੀਦਾਰਾਂ ਨੇ ਵਾਤਾਵਰਣ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਵੀ ਲਿਆ। ਕਾਲਜ ਪ੍ਰਿੰਸੀਪਲ ਡਾ. ਜਯੋਤਸਨਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਡੇ ਸਾਰਿਆਂ ਦਾ ਸਾਂਝਾ ਫ਼ਰਜ਼ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਮਾਜਿਕ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ।ਪ੍ਰੋਗਰਾਮ ਦੇ ਅੰਤ ਵਿੱਚ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਦੀਪਕ ਸ਼ਰਮਾ ਨੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਨਿਰੰਤਰ ਯਤਨ ਜਾਰੀ ਰੱਖਣ ਦਾ ਸੱਦਾ ਦਿੱਤਾ ਗਿਆ। ਇਸ ਆਯੋਜਨ ਵਿੱਚ ਡਾ. ਲਖਵੀਰ ਸਿੰਘ, ਈਕੋ ਕਲੱਬ ਵੱਲੋਂ ਪ੍ਰੋ. ਜਸਕਰਨ ਸਿੰਘ, ਪ੍ਰੋ, ਰੀਟਾ ਰਾਣੀ, ਪ੍ਰੋ. ਰਿੰਪੀ ਗਰਗ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਵਜੋਂ ਪ੍ਰੋ. ਗੁਰਮੀਤ ਸਿੰਘ ਅਤੇ ਪ੍ਰੋ. ਸਰਜੀਵਨ ਰਾਣੀ ਵੀ ਸ਼ਾਮਿਲ ਰਹੇ।