ਬਠਿੰਡਾ ਜ਼ਿਲ੍ਹੇ ਵਿੱਚ ਵੋਟਰ ਮੈਪਿੰਗ ਲਈ 7 ਜੂਨ ਨੂੰ 1192 ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ : ਰਾਜੇਸ਼ ਧੀਮਾਨ*
*ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੋਟਰ ਮੈਪਿੰਗ ਪ੍ਰਕਿਰਿਆ ਵਿੱਚ ਭਾਗ ਲੈਣ ਦੀ ਅਪੀਲ*
*ਵੋਟਰਾਂ ਦੀ ਸਹੂਲਤ ਲਈ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਬੀ.ਐਲ.ਓਜ਼. ਰਹਿਣਗੇ ਮੌਜੂਦ*
ਅਸ਼ੋਕ ਵਰਮਾ
ਬਠਿੰਡਾ, 6 ਜੂਨ 2026 : ਸਾਲ 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਤਵਾਰ ਮਿਤੀ 7 ਜੂਨ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ 1192
ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਵੋਟਰ ਵੇਰਵਿਆਂ ਦੀ ਸਹੀ ਢੰਗ ਨਾਲ ਮੈਪਿੰਗ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਤਹਿਤ ਚੋਣ ਰਿਕਾਰਡਾਂ ਨੂੰ ਸੁਚਾਰੂ ਬਣਾਉਣ ਅਤੇ ਵੋਟਰਾਂ ਨੂੰ ਉਨ੍ਹਾਂ ਦੀ ਜਾਣਕਾਰੀ ਨੂੰ ਅੱਪਡੇਟ ਅਤੇ ਤਸਦੀਕ ਕਰਨ ਵਿੱਚ ਸਹਾਇਤਾ ਕਰਨ ਲਈ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਨੂੰ ਦਿਨ ਭਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣ ਅਤੇ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ।
ਬੀ.ਐਲ.ਓਜ਼., ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਅਤੇ ਚੋਣ ਰਿਕਾਰਡਾਂ ਨਾਲ ਸਬੰਧਤ ਕਿਸੇ ਵੀ ਪ੍ਰਸ਼ਨ ਦਾ ਹੱਲ ਕਰਨ ਵਿੱਚ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼.ਸਬੰਧੀ ਜਾਣਕਾਰੀ ਪੰਜਾਬ ਚੋਣ ਕਮਿਸ਼ਨ ਦੀ ਵੈੱਬਸਾਈਟ https://elections.punjab.gov.in/ ਤੋਂ ਲਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਪਾਰਦਰਸ਼ੀ ਅਤੇ ਗਲਤੀ ਮੁਕਤ ਚੋਣ ਰਿਕਾਰਡਾਂ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਚੋਣ ਅਧਿਕਾਰੀਆਂ ਨਾਲ ਸਹਿਯੋਗ ਕਰਨ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।