ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਮਨਪ੍ਰੀਤ ਸਿੰਘ
ਰੂਪਨਗਰ, 22 ਜੂਨ
ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਰੂਪਨਗਰ ਅਤੇ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲ ਸੈਂਟਰ, ਰੂਪਨਗਰ ਵਿਖੇ ਸਟੇਟ ਰੈੱਡ ਕਰਾਸ ਅਧੀਨ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਾਸ ਕੇਂਦਰ ਦੇ ਸਹਿਯੋਗ ਨਾਲ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਰੈੱਡ ਕਰਾਸ ਭਵਨ ਵਿਖੇ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਨੌਜਵਾਨ ਲੜਕੇ-ਲੜਕੀਆਂ ਅਤੇ ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਨੂੰ ਵਲੰਟੀਅਰਸ਼ਿਪ ਰਾਹੀਂ ਸਮਾਜ ਭਲਾਈ ਦੀਆਂ ਗਤੀਵਿਧੀਆਂ ਨਾਲ ਜੋੜਿਆ ਗਿਆ। ਇਸ ਮੌਕੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ ਗਿਆ।
ਨਸ਼ਾ ਛੁਡਾਊ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ. ਬਿਕਰਮਜੀਤ ਸਿੰਘ, ਕਾਊਂਸਲਰ ਸ. ਨਿਰਮਲ ਸਿੰਘ ਅਤੇ ਉਨ੍ਹਾਂ ਦੀ ਮੈਡੀਕਲ ਟੀਮ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਸ਼ੇ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਪ੍ਰਭਾਵਿਤ ਕਰਦੇ ਹਨ, ਸਗੋਂ ਪਰਿਵਾਰਕ ਅਤੇ ਸਮਾਜਿਕ ਸਬੰਧਾਂ ਉੱਤੇ ਵੀ ਨਕਾਰਾਤਮਕ ਅਸਰ ਪਾਂਦੇ ਹਨ। ਇਸ ਦੇ ਨਾਲ ਹੀ ਨਸ਼ਾ ਛੁਡਾਊ ਕੇਂਦਰ ਵਿੱਚ ਉਪਲਬਧ ਇਲਾਜ ਅਤੇ ਪੁਨਰਵਾਸ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਪ੍ਰੋਗਰਾਮ ਵਿੱਚ ਸ਼ਾਮਲ ਨੌਜਵਾਨਾਂ ਨੇ ਨਸ਼ਿਆਂ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਛੁਡਾਊ ਕੇਂਦਰ ਰਾਹੀਂ ਮੁਹੱਈਆ ਕਰਵਾਏ ਜਾਂਦੇ ਮੁਫ਼ਤ ਇਲਾਜ ਸਬੰਧੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦਾ ਸੰਕਲਪ ਲਿਆ।
ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਸ. ਗੁਰਸੋਹਣ ਸਿੰਘ ਸਮੇਤ ਰੈੱਡ ਕਰਾਸ ਦੀ ਟੀਮ ਦੇ ਹੋਰ ਮੈਂਬਰ ਵੀ ਹਾਜ਼ਰ ਸਨ।