ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਏ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ
- ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਆਯੋਜਿਤ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 05 ਫਰਵਰੀ,2025 - ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਬੁੱਧਵਾਰ ਨੂੰ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ। ਇਸ ਦੌਰਾਨ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ, ਟੀਬੀ ਮੁਕਤ ਭਾਰਤ ਅਭਿਮਾਨ ਤਹਿਤ ਟੀਬੀ ਕੰਟਰੋਲ ਕਰਨ, ਸਾਰੇ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਉਨ੍ਹਾਂ ਦੇ ਟੀਚਿਆਂ ਦੀ ਮੁਕੰਮਲ ਪ੍ਰਾਪਤੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹੇ ਵਿੱਚ ਸਿਵਲ ਹਸਪਤਾਲ, ਸਬ-ਡਵੀਜ਼ਨਲ ਹਸਪਤਾਲ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਫਾਇਰ ਸੇਫਟੀ ਦਾ ਆਡਿਟ ਕਰਨ ਲਈ ਵੀ ਕਿਹਾ।
ਸਿਵਲ ਸਰਜਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਬਿਜਲੀ ਬੰਦ ਹੋਣ ਦੀ ਸਥਿਤੀ ਵਿੱਚ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ, ਜਿਨ੍ਹਾਂ ਵਿੱਚ ਆਪ੍ਰੇਸ਼ਨ ਥੀਏਟਰ, ਲੇਬਰ ਰੂਮ, ਐਮਰਜੈਂਸੀ, ਐੱਸ.ਐੱਨ.ਸੀ.ਯੂਜ਼ ਅਤੇ ਐੱਨ.ਆਈ.ਸੀ.ਯੂਜ਼ ਸ਼ਾਮਲ ਹਨ, ਵਿੱਚ ਘੱਟੋ-ਘੱਟ 30 ਮਿੰਟਾਂ ਦਾ ਯੂ.ਪੀ.ਐੱਸ. ਪਾਵਰ ਬੈਕਅੱਪ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਰੀਆਂ ਸਿਹਤ ਸਹੂਲਤਾਂ ਵਿਖੇ ਡੀਜ਼ਲ ਦੀ ਲੋੜੀਂਦੀ ਸਪਲਾਈ ਦੇ ਨਾਲ ਇੱਕ ਪੂਰੀ ਤਰ੍ਹਾਂ ਕਾਰਜਸ਼ੀਲ ਜਨਰੇਟਰ ਸੈੱਟ ਮੌਜੂਦ ਹੋਣਾ ਚਾਹੀਦਾ ਹੈ।
ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ, ਸਬ-ਡਿਵੀਜ਼ਨ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਸਮੇਤ ਸਾਰੇ ਪੱਧਰਾਂ ‘ਤੇ ਕਾਇਮ ਕਮੇਟੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰੀ ਨਾਲ ਕੰਮ ਕਰਨ।
ਸਿਵਲ ਸਰਜਨ ਨੇ ਸਾਰੇ ਅਫਸਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਬਿਜਲੀ ਕੱਟ ਲੱਗਣ ਦੀ ਸਥਿਤੀ ਵਿੱਚ ਬੈਕਅੱਪ ਬਿਜਲੀ ਸਪਲਾਈ ਤੁਰੰਤ ਸ਼ੁਰੂ ਕੀਤੀ ਜਾਵੇ ਤਾਂ ਜੋ ਮਹੱਤਵਪੂਰਨ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਦਿੱਕਤ ਦਰਪੇਸ਼ ਨਾ ਆਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਉਦੇਸ਼ ਲਈ ਬੈਕਅੱਪ ਬਿਜਲੀ ਸਪਲਾਈ ਚਾਲੂ ਕਰਨ ਵਾਲੇ ਵਿਅਕਤੀ ਨਾਲ ਸੰਪਰਕ ਲਈ ਢੁੱਕਵੀਂ ਸੰਚਾਰ ਪ੍ਰਣਾਲੀ ਵੀ ਸਥਾਪਤ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਫੌਰੀ ਢੰਗ ਨਾਲ ਫਾਇਰ ਸੇਫਟੀ ਆਡਿਟ ਕਰਵਾਉਣ ਅਤੇ ਸਿਹਤ ਸਹੂਲਤਾਂ ਖਾਸ ਕਰਕੇ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਅੱਗ ਬੁਝਾਊ ਉਪਕਰਨਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਮੀਟਿੰਗ ਵਿਚ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੇ ਬਣਦੇ ਟੀਚੇ ਮਿਥੇ ਸਮੇਂ ’ਚ ਪੂਰੇ ਕਰਨੇ ਸਾਡੀ ਜ਼ਿੰਮੇਵਾਰੀ ਹੈ, ਜਿਨ੍ਹਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ, ਜ਼ਿਲ੍ਹਾ ਸਿਹਤ ਅਫਸਰ ਡਾ. ਰੇਨੂੰ ਮਿੱਤਲ, ਸੀਨੀਅਰ ਮੈਡੀਕਲ ਅਫਸਰ, ਡਾ. ਗੀਤਾਂਜਲੀ ਸਿੰਘ, ਡਾ. ਗੁਰਿੰਦਰਜੀਤ ਸਿੰਘ, ਡਾ. ਸਤਵਿੰਦਰਪਾਲ ਸਿੰਘ, ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਹਰਪ੍ਰੀਤ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।