ਲੂਅ (ਗਰਮੀ) ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਜ਼ਰੀ ਜਾਰੀ
- ਲੂਅ (ਗਰਮੀ) ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ
- ਘਰ ਤੋਂ ਬਾਹਰ ਜਾਣ ਸਮੇਂ ਪਾਣੀ ਅਤੇ ਗਿੱਲਾ ਕੱਪੜਾ ਨਾਲ ਲੈ ਕੇ ਜਾਣ ਨਾਲ ਲੂਅ ਲੱਗਣ ਤੋਂ ਬਚਿਆ ਜਾ ਸਕਦਾ ਹੈ:
- ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ: ਡਾ ਚੰਦਰ ਸ਼ੇਖਰ ਕੱਕੜ
ਫਾਜ਼ਿਲਕਾ, 2 ਅਪ੍ਰੈਲ 2025 - ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ।ਇਸ ਸਮੇਂ ਡਾ ਕਵਿਤਾ ਸਿੰਘ, ਡਾ ਰੋਹਿਤ ਗੋਇਲ, ਡਾ ਅਰਪਿਤ ਗੁਪਤਾ ਜਿਲ੍ਹਾ ਐਪੀਡਮੈਲੋਜਿਸਟ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀ ਹੈ। ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ।
ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਜਾਂ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ’ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂੂਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬਿਮਾਰੀ ਹੈ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਬਣ ਜਾਂਦੇ ਹਨ। ਉਹਨਾਂ ਕਿਹਾ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।
ਗਰਮੀ ਜਾਂ ਲੂਅ ਲੱਗਣ ਦੇ ਲੱਛਣ:
1 ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ।
2 ਚੱਕਰ ਖਾ ਕੇ ਡਿੱਗ ਪੈਣਾ।
3 ਬੇਚੈਨੀ ਅਤੇ ਘਬਰਾਹਟ ।
4 ਹਲਕਾ ਜਾਂ ਤੇਜ਼ ਬੁਖਾਰ ।
5 ਜੀਅ ਖਰਾਬ ਹੋਣਾ ।
6 ਲੋੜ ਤੋਂ ਜ਼ਿਆਦਾ ਪਿਆਸ ਲੱਗਣਾ ।
7 ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ।
8 ਕਮਜ਼ੋਰੀ ਮਹਿਸੂਸ ਹੋਣਾ ।
9 ਗਰਮੀ ਕਰਕੇ ਪਿੱਤ ਦਾ ਹੋਣਾ।
10 ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ।
11 ਮਾਸ਼ ਪੇਸ਼ੀਆਂ ਵਿੱਚ ਦਰਦ।
12 ਲਾਲ ਗਰਮ ਤੇਖੁਸ਼ਕ ਚਮੜੀ।
ਲੂ ਲੱਗਣ ਵਿੱਚ ਮਰੀਜ਼ ਨੂੰ ਪਸੀਨਾ ਆਉਂਦੇ ਰਹਿਣਾ ਇੱਕ ਵਧੀਆ ਲੱਛਣ ਹੈ, ਇਸ ਨਾਲ ਸਰੀਰ ਦਾ ਤਾਪਮਾਨ ਸਥਿਰ ਰਹਿੰਦਾ ਹੈ ।
ਖ਼ਤਰਨਾਕ ਸਥਿਤੀ :
1 ਤੇਜ਼ ਬੁਖਾਰ, ਜੋ 40 ਡਿਗਰੀ ਸੈਲਸੀਅਸ ਜਾਂ 104—105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ ਹੋਵੇ।
2 ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ Wੱਖੀ Wੱਖੀ ਹੋ ਜਾਵੇ।
3 ਮਰੀਜ਼ ਦਾ ਬੇਹੋਸ਼ ਹੋ ਜਾਣਾ, ਘਬਰਾਹਟ ਹੀ ਘਬਰਾਹਟ ਵਿੱਚ ਹੋਣਾ ਜਾਂ ਪਾਗਲਾਂ ਵਰਗਾ ਵਿਵਹਾਰ ਕਰਨ ਲੱਗ ਪੈਣਾ।
ਲੂ ਦੇ ਲੱਛਣ ਨਜ਼ਰ ਆਉਣ ਤੇ ਕੀ ਕੀਤਾ ਜਾਵੇ :
1 ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ।
2 ਵਿਅਕਤੀ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ।
3 ਵਿਅਕਤੀ ਨੂੰ ਪੀਣ ਲਈ ਕੁਝ ਤਰਲ ਪਦਾਰਥ ਦਿੱਤਾ ਜਾਵੇ।
4 ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ।
5 ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਗਲੇ ਤੱਕ ਲਿਟਾਇਆ ਜਾ ਸਕਦਾ ਹੈ।
6 ਬੁਖਾਰ ਨੂੰ ਘੱਟ ਕਰਨ ਦੇ ਲਈ ਆਮ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ।
7 ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਹਸਪਤਾਲ ਲੈ ਕੇ ਜਾਇਆ ਜਾਵੇ ।
ਗਰਮੀ ਚ ਲੂਅ ਤੋਂ ਬਚਣ ਦੇ ਲਈ ਕੀ ਕੀਤਾ ਜਾਵੇ :
1 ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ ।
2 ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ ।
3 ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ।
4 ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਲੋੜ ਪੈਣ ’ਤੇ ਹੀ ਨਿਕਲਿਆ ਜਾਵੇ ।
ਕੀ ਨਾ ਕੀਤਾ ਜਾਵੇ :
1 ਖਾਲੀ ਪੇਟ ਘਰੋਂ ਬਾਹਰ ਨਾ ਨਿਕਲਿਆ ਜਾਵੇ ।
2 ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕੀਤਾ ਜਾਵੇ ।
3 ਕੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ।
4 ਦੁਪਹਿਰ ਦੇ ਸਮੇਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ।
ਡਾ ਅਰਪਿਤ ਗੁਪਤਾ ਜਿਲ੍ਹਾ ਐਪੀਡਮੈਲੋਜਿਸਟ ਨੇ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਅਧੀਨ ਏਰੀਆ ਵਿੱਚ ਸਿਹਤ ਸਟਾਫ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਏ ਦੇ ਸਹਿਯੋਗ ਨਾਲੇ ਆਮ ਜਨਤਾ ਨੂੰ ਲੂਅ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ।
ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੁਆਰਾ ਲੂਅ ਤੋਂ ਬਚਣ ਲਈ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆ ਕੇ ਜ਼ਿਆਦਾ ਸਮਾਂ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ।