ਹੜ੍ਹ ਪੀੜਤਾਂ ਦੀ ਸਿਹਤ ਸੰਭਾਲ ਲਈ 'ਬੋਟ ਐਂਬੂਲੈਂਸ' ਦੀ ਸ਼ੁਰੂਆਤ
ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਪੁਖਤਾ ਇੰਤਜ਼ਾਮ
ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਡਿਜਾਸਟਰ ਮੈਨੇਜਮੈਂਟ ਯੂਨਿਟ ਦਾ ਲਿਆ ਜਾਇਜ਼ਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 22 ਅਗਸਤ 2025- ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਹੰਗਾਮੀ ਹਲਾਤਾਂ ਨੂੰ ਦੇਖਦਿਆਂ ਲੋਕਾਂ ਦੀ ਸਿਹਤ ਦੀ ਸੁਚੱਜੀ ਸੰਭਾਲ ਲਈ ਦੂਰ-ਦੁਰਾਡੇ ਢਾਣੀਆਂ ’ਤੇ ਬੈਠੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਬੋਟ ਐਂਬੂਲੈਂਸ ਦੀ ਸ਼ੁਰੂਆਤ ਕੀਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਬੋਟ ਐਂਬੂਲੈਂਸ ਵਿੱਚ ਤਾਇਨਾਤ ਮੈਡੀਕਲ ਟੀਮਾਂ ਵਲੋਂ ਲੋਕਾਂ ਦੀ ਸਿਹਤ ਦੀ ਜਾਂਚ ਕਰਕੇ ਜਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੇ।ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਜਾਵੇ ਤਾਂ ਜੋ ਉਹਨਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਸ਼ਤੀ ਰਾਹੀਂ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਪੀੜਤਾਂ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਸਰਕਾਰ ਦੀ ਤਰਫੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ।
ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਔਖੀ ਘੜੀ ਵਿੱਚ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੁਬਾ ਸਰਕਾਰ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਡੇਂਗੂ , ਚਿਕਨਗੁਨੀਆ , ਚਮੜੀ ਦੇ ਰੋਗਾਂ ਦੀ ਰੋਕਥਾਮ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਓ ਆਰ ਐਸ ਤੇ ਕਲੋਰੀਨ ਦੀਆਂ ਗੋਲੀਆਂ ਲਗਾਤਾਰ ਵੰਡੀਆਂ ਜਾ ਰਹੀਆਂ ਹਨ ।
ਇਸ ਤੋਂ ਪਹਿਲਾਂ ਸਿਵਲ ਹਸਪਤਾਲ, ਸੁਲਤਾਨਪੁਰ ਲੋਧੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਅੰਦਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਮੌਕੇ ਉਹ ਖੁਦ ਨਿੱਜੀ ਤੌਰ ’ਤੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਸਮੁੱਚੀ ਟੀਮ ਹੜ੍ਹ ਪ੍ਰਭਾਵਿਤ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰ ਰਹੀ ਹੈ।
ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿੱਚ ਤਾਇਨਾਤੀ ਲਈ 1000 ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 450 ਸਟਾਫ਼ ਨਰਸਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।
ਉਨ੍ਹਾਂ ਕਿਹਾ ਕਿ ਇਸ ਸਾਲ ਸਤੰਬਰ ਮਹੀਨੇ ਤੱਕ ਡਾਕਟਰਾਂ ਅਤੇ ਨਵੰਬਰ ਮਹੀਨੇ ਤੱਕ ਸਟਾਫ਼ ਨਰਸਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਤਾਇਨਾਤ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਸਟਾਫ਼ ਨਰਸਾਂ ਦੀ ਤਾਇਨਾਤੀ ਉਪਰੰਤ ਆਈ.ਸੀ.ਯੂ.ਦੀ ਸਹੂਲਤ ਨਿਰਵਿਘਨ ਚਾਲੂ ਹੋ ਜਾਵੇਗੀ, ਜਿਸ ਨਾਲ ਲੋਕਾਂ ਨੂੰ ਹੋਰ ਬਿਹਤਰ ਮਿਆਰੀ ਸਿਹਤ ਸਹੂਲਤ ਮਿਲ ਸਕਣਗੀਆਂ।
ਉਨ੍ਹਾਂ ਕਿਹ ਕਿ ਇਹ ਪਹਿਲੀ ਵਾਰ ਹੋਇਆ ਕਿ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਿਨਾਂ ਵਿਚੋਂ ਸਵਾ ਸੌ ਦੇ ਕਰੀਬ ਡਾਕਟਰਾਂ ਵਲੋਂ ਡਿਊਟੀ ਜੁਆਇਨ ਕਰ ਲਈ ਗਈ ਹੈ ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੇਵਾ ਮੁਕਤ ਸਪੈਸ਼ਲਿਸਟ ਡਾਕਟਰਾਂ ਦੀ ਵੀ ਨੈਸ਼ਨਲ ਹੈਲਥ ਮਿਸ਼ਨ ਤਹਿਤ ਭਰਤੀ ਕੀਤੀ ਜਾ ਰਹੀ ਹੈ ਅਤੇ ਜਿਥੇ ਇਹਨਾਂ ਦੀ ਜਰੂਰਤ ਹੈ ਉਥੇ ਤਾਇਨਾਤ ਕੀਤੇ ਜਾ ਰਹੇ ਹਨ ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਸਾਰੀਆਂ ਐਮਰਜੰਸੀ ਸੇਵਾਵਾਂ ਨੂੰ ਹਸਪਤਾਲਾਂ ਵਿੱਚ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਨਿਰਵਿਘਨ ਉਹਨਾਂ ਤੱਕ ਪਹੁੰਚਾਈਆਂ ਜਾ ਸਕਣ।
ਇਸ ਤੋਂ ਇਲਾਵਾ ਉਨ੍ਹਾਂ ਵਲੋਂ ਰਾਹਤ ਕੇਂਦਰ ਲੱਖ ਵਰਿਆਹ ਦਾ ਵੀ ਦੌਰਾ ਕੀਤਾ ਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ।
ਇਸ ਮੌਕੇ ਰਾਜ ਸਭਾ ਦੇ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ , ਸਿਵਲ ਸਰਜਨ ਡਾ ਹਰਪਾਲ ਸਿੰਘ ਤੇ ਹੋਰ ਹਾਜ਼ਰ ਸਨ ।