ਪੰਜਾਬ ’ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਕਰਵਾਏ ਸਨਮਾਨ ਸਮਾਰੋਹ ’ਚ ਕੀਤੀ ਸ਼ਿਰਕਤ, 100 ਖੇਡ ਹਸਤੀਆਂ ਨੂੰ ਕੀਤਾ ਸਨਮਾਨਿਤ
ਜਲੰਧਰ, 10 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਕੂਲ ਖੇਡਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਵਡਮੁੱਲੇ ਯੋਗਦਾਨ ਲਈ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦਾ ਸਨਮਾਨ ਕਰਦਿਆਂ ਪੰਜਾਬ ਸਰਕਾਰ ਦੀ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ।
ਇਥੇ ਲਾ ਬਲਾਸਮ ਸਕੂਲ ਵਿਖੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਰਾਜ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਵੀ ਮੋਹਰੀ ਬਣਾਉਣ ਲਈ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਡਾਂ ਲਈ 1790 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਮੌਕੇ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ।
ਸ਼੍ਰੀ ਭਗਤ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਖੇਡਾਂ ਸਦਕਾ ਸਿਹਤਮੰਦ ਜੀਵਨ ਸ਼ੈਲੀ ਦੇ ਨਾਲ-ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਵਰਕ, ਖੇਡਾਂ ਦੀ ਭਾਵਨਾ ਅਤੇ ਅਗਵਾਈ ਵਰਗੇ ਗੁਣ ਪੈਦਾ ਹੁੰਦੇ ਹਨ, ਜੋ ਕਿ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਬੜੀ ਅਹਿਮੀਅਤ ਰੱਖਦੇ ਹਨ।
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਮੇਟੀ ਦੇ ਅਹੁਦੇਦਾਰਾਂ ਨੂੰ ਖੇਡਾਂ ਵਿੱਚ ਪੰਜਾਬ ਦਾ ਨਾਂ ਵਿਸ਼ਵ ਪੱਧਰ 'ਤੇ ਚਮਕਾਉਣ ਲਈ ਹੋਰ ਤਗੜੇ ਹੋ ਕੇ ਕੰਮ ਕਰਨ ਲਈ ਕਿਹਾ।
ਵਿਸ਼ੇਸ਼ ਮਹਿਮਾਨ ਰਜਿੰਦਰ ਕੌਰ ਥਿਆੜਾ ਨੇ ਸਨਮਾਨਿਤ ਹਸਤੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਸੁਧਾਰ ਲਈ ਲਗਾਤਾਰ ਕਈ ਮਹੱਤਵਪੂਰਣ ਕਦਮ ਚੁੱਕੇ ਹਨ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਸਮਾਰੋਹ ਦੌਰਾਨ ਕਰੀਬ 100 ਖੇਡ ਹਸਤੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਖੇਡਾਂ ਵਿੱਚ ਉਨ੍ਹਾਂ ਦੇ ਮਹੱਤਵਪੂਰਣ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਹਰਮੇਸ਼ ਲਾਲ ਘੇੜਾ (ਸਟੇਟ ਅਵਾਰਡੀ), ਡਾ. ਜਤਿੰਦਰ ਸਾਬੀ, ਪ੍ਰਿੰਸੀਪਲ ਜਤਿੰਦਰ ਕੁਮਾਰ, ਪ੍ਰਿੰਸੀਪਲ ਸੁਖਦੇਵ ਲਾਲ ਬੱਬਰ, ਪ੍ਰਿੰਸੀਪਲ ਭੁਪਿੰਦਰ ਪਾਲ ਸਿੰਘ, ਪ੍ਰਿੰਸੀਪਲ ਪਰਮਿੰਦਰ ਫਲੋਰਾ,ਪ੍ਰਿੰਸੀਪਲ ਦਿਨੇਸ਼ ਕੁਮਾਰ ਤੋਂ ਇਲਾਵਾ ਪ੍ਰਿੰਸੀਪਲ ਅਤੇ ਮੁੱਖ ਅਧਿਆਪਕ ਸ਼ਾਮਲ ਹਨ।
ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਤੇ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਡਾ. ਗੁਰਿੰਦਰਜੀਤ ਕੌਰ (ਨੈਸ਼ਨਲ ਐਵਾਰਡੀ) ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰਾਜੀਵ ਜੋਸ਼ੀ (ਸਟੇਟ ਐਵਾਰਡੀ) ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।
ਅਖੀਰ ਵਿੱਚ ਡੀ.ਟੀ.ਸੀ. ਜਲੰਧਰ ਦੇ ਜਨਰਲ ਸਕੱਤਰ ਸਟੇਟ ਅਵਾਰਡੀ ਬਲਜੀਤ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਸਮੂਹ ਪ੍ਰਿੰਸੀਪਲ ਸਾਹਿਬਾਨ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ-ਕਮ-ਡੀ.ਐਮ. ਸਪੋਰਟਸ ਅਮਨ ਕੌਂਡਲ, ਅੰਤਰਰਾਸ਼ਟਰੀ ਜੂਡੋ ਕੋਚ ਲੈਕਚਰਾਰ ਸੁਰਿੰਦਰ ਕੁਮਾਰ, ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਸਰੀਰਿਕ ਸਿੱਖਿਆ ਦੇ ਅਧਿਆਪਕ ਵੀ ਮੌਜੂਦ ਸਨ।