ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਨੇ ਏ.ਡੀ.ਸੀ. (ਜਨਰਲ) ਦਾ ਅਹੁਦਾ ਸੰਭਾਲਿਆ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 7 ਮਾਰਚ 2025 - 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼੍ਰੀ ਹਰਪ੍ਰੀਤ ਸਿੰਘ ਨੇ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ।
ਵਧੀਕ ਡਿਪਟੀ ਕਮਿਸ਼ਨਰ (ਜ) ਦਾ ਚਾਰਜ ਸੰਭਾਲਣ ਉਪਰੰਤ ਸ਼੍ਰੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਮੂਹ ਵਿਭਾਗਾਂ ਦਾ ਸਹਿਯੋਗ ਲੈ ਕੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।
ਏ.ਡੀ.ਸੀ. ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾਵਾਂ ਨਿਭਾਉਣ ਦਾ ਮੌਕਾ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਰਾਹੀਂ ਸ਼ਹੀਦਾਂ ਦੀ ਧਰਤੀ ਨੂੰ ਸਾਫ ਸੁਥਰਾ ਤੇ ਖੂਬਸੂਰਤ ਬਣਾਇਆ ਜਾਵੇਗਾ ਤਾਂ ਜੋ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੇ ਰੋਜ਼ਾ ਸ਼ਰੀਫ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਲਈ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।