ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਲੋਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣੂ ਕਰਵਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 07 ਜਨਵਰੀ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਆਮ ਜਨਤਾ ਨੂੰ ਸੈਮੀਨਾਰ ਲਗਾ ਕੇ ਆਵਾਜਾਈ ਨਿਯਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਚੌਂਕਾਂ ਵਿੱਚ ਆਮ ਜਨਤਾ ਨੂੰ ਜਾਗਰੂਕਤਾ ਸੈਮੀਨਾਰ ਲਗਾ ਕੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਏ.ਐੱਸ.ਆਈ. ਅਮਨਦੀਪ ਸਿੰਘ, ਸੁਰਜੀਤ ਸਿੰਘ, ਸੁਭਾਸ਼ ਚੰਦਰ, ਸ਼ਸ਼ੀ ਮਹਾਜਨ ਅਤੇ ਅਮਰੀਕ ਸਿੰਘ ਨੇ ਲੋਕਾਂ ਨੂੰ ਸੈਮੀਨਾਰ ਦੌਰਾਨ ਅਪੀਲ ਕੀਤੀ ਉਹ ਵਾਹਨ ਚਲਾਉਂਦੇ ਸਮੇਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਜ਼ਰੂਰ ਲਗਾਈ ਜਾਵੇ ਅਤੇ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਜ਼ਰੂਰ ਪਹਿਨਿਆ ਜਾਵੇ। ਉਨ੍ਹਾਂ ਕਿਹਾ ਕਿ ਗੱਡੀ ਦੀ ਪਿਛਲੀ ਸੀਟ ਤੇ ਬੈਠੇ ਵਿਅਕਤੀ ਲਈ ਵੀ ਸ਼ੀਟ ਬੈਲਟ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਕੇ ਕੋਈ ਵੀ ਵਾਹਨ ਬਿਲਕੁਲ ਨਹੀਂ ਚਲਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੰਸ ਸਮੇਤ ਵਾਹਨਾਂ ਦੇ ਸਾਰੇ ਕਾਗ਼ਜ਼ਾਤ ਪੂਰੇ ਰੱਖੇ ਜਾਣ। ਉਨ੍ਹਾਂ ਕਿਹਾ ਕਿ ਧੁੰਦ ਦੇ ਮੌਸਮ ਵਿੱਚ ਵਾਹਨ ਹੋਰ ਵੀ ਧਿਆਨ ਨਾਲ ਚਲਾਏ ਜਾਣ ਅਤੇ ਧੁੰਦ ਦੌਰਾਨ ਰੋਡ ਲਾਈਨ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਸਾਹਮਣੇ ਕੋਈ ਸੜਕ ਦੁਰਘਟਨਾ ਵਾਪਰਦੀ ਹੈ ਤਾਂ ਫ਼ੌਰਨ ਹਾਦਸੇ ਦੇ ਜ਼ਖ਼ਮੀਆਂ ਦੀ ਮਦਦ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਹੈਲਪ ਲਾਈਨ ਨੰਬਰ 112, 1930 ਅਤੇ 1033 ਬਾਰੇ ਵੀ ਜਾਣਕਾਰੀ ਦਿੱਤੀ।