ਜਗਜੀਤ ਡੱਲੇਵਾਲ ਦਾ ਮਰਨ ਵਰਤ 43ਵੇਂ ਦਿਨ ਵੀ ਰਿਹਾ ਜਾਰੀ
ਚੰਡੀਗੜ੍ਹ, 7 ਜਨਵਰੀ, 2025: ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 43ਵੇਂ ਦਿਨ ਵੀ ਜਾਰੀ ਰਿਹਾ। ਬੀਤੀ ਰਾਤ 8.15 ਵਜੇ ਦੇ ਕਰੀਬ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਾਫੀ ਵਿਗੜ ਗਈ ਅਤੇ ਉਹਨਾਂ ਦਾ ਬਲੱਡ ਪ੍ਰੈਸ਼ਰ 77/45 ਹੋ ਗਿਆ ਅਤੇ ਪਲਸ ਰੇਟ 38 ਤੋਂ ਵੀ ਹੇਠਾਂ ਡਿੱਗ ਗਈ। ਡਾਕਟਰਾਂ ਨੇ ਦੱਸਿਆ ਕਿ ਜਦੋਂ ਜਗਜੀਤ ਸਿੰਘ ਡੱਲੇਵਾਲ ਦੇ ਪੈਰਾ ਨੂੰ ਥੋੜਾ ਜਿਹਾ ਉੱਪਰ ਨੂੰ ਚੁੱਕਦੇ ਹਾ ਤਾਂ ਬਲੱਡ ਪ੍ਰੈਸ਼ਰ ਕੁੱਝ ਸਥਿਰ ਹੋ ਜਾਂਦਾ ਹੈ, ਨਹੀਂ ਤਾਂ ਬਲੱਡ ਪ੍ਰੈਸ਼ਰ ਅਤੇ ਪਲਸ ਰੇਟ ਬਹੁਤ ਘੱਟ ਜਾਂਦੀ ਹੈ। ਬੀਤੀ ਰਾਤ 2.30 ਵਜੇ ਤੱਕ ਡਾਕਟਰਾਂ ਦੀ ਅਣਥੱਕ ਮਿਹਨਤ ਸਦਕਾ ਬਲੱਡ ਪ੍ਰੈਸ਼ਰ 95/70 'ਤੇ ਥੋੜ੍ਹਾ ਸਥਿਰ ਹੋ ਸਕਿਆ। ਜਗਜੀਤ ਸਿੰਘ ਡੱਲੇਵਾਲ ਜੀ ਦੀ ਹਾਲਤ ਦਿਨ ਭਰ ਨਾਜ਼ੁਕ ਬਣੀ ਰਹੀ ਅਤੇ ਉਹ ਕਿਸੇ ਨਾਲ ਗੱਲ ਵੀ ਨਹੀਂ ਕਰ ਸਕਦੇ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਰੱਬ ਨਾਂ ਕਰੇ ਜੇਕਰ ਜਗਜੀਤ ਸਿੰਘ ਡੱਲੇਵਾਲ ਜੀ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਸ਼ਾਇਦ ਉਸ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਨੂੰ ਕੇਂਦਰ ਸਰਕਾਰ ਸੰਭਾਲ ਨਹੀਂ ਸਕੇਗੀ।ਇਸ ਲਈ ਕੇਂਦਰ ਸਰਕਾਰ ਨੂੰ ਸਮੇਂ ਸਿਰ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 10 ਜਨਵਰੀ ਨੂੰ ਦੇਸ਼ ਭਰ ਵਿੱਚ ਪਿੰਡ ਪੱਧਰ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਤਾਂ ਜੋ ਕੇਂਦਰ ਸਰਕਾਰ ਨੂੰ ਪਤਾ ਲੱਗ ਜਾਵੇ ਕਿ ਅੱਜ ਪਿੰਡਾਂ ਦੇ ਲੋਕ MSP ਦੀ ਗਾਰੰਟੀ ਕਾਨੂੰਨ ਦੇ ਮੁੱਦੇ ਉੱਪਰ ਜਗਜੀਤ ਸਿੰਘ ਡੱਲੇਵਾਲ ਜੀ ਦੇ ਸੰਘਰਸ਼ ਦੇ ਨਾਲ ਖੜੇ ਹਨ ਅਤੇ 13 ਜਨਵਰੀ ਨੂੰ ਦੇਸ਼ ਭਰ ਵਿੱਚ ਨਵੀਂ ਖੇਤੀ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਕਿਸਾਨਾਂ ਦੇ ਟਰੈਕਟਰ ਸੜਕਾਂ ’ਤੇ ਉਤਰਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਦੋਵਾਂ ਮੋਰਚਿਆਂ ਵੱਲੋਂ ਉਸ ਪ੍ਰੋਗਰਾਮ ਦੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ।