ਬੱਸ ਹਾਦਸੇ ਦੌਰਾਨ ਫੌਤ ਹੋਈਆਂ ਔਰਤਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਲਈ ਰੋਸ ਮੁਜ਼ਾਹਰਾ
ਅਸ਼ੋਕ ਵਰਮਾ
ਬਠਿੰਡਾ,7 ਜਨਵਰੀ 2025: ਟੋਹਾਣਾ ਮਹਾਂਪੰਚਾਇਤ ਜਾ ਰਹੀਆਂ ਕੋਠੇ ਗੁਰੂ ਦੀਆਂ ਸ਼ਹੀਦ ਹੋਈਆਂ ਤਿੰਨ ਔਰਤਾਂ ਦੇ ਪਰਿਵਾਰਾਂ ਅਤੇ ਜਖਮੀਆਂ ਦੇ ਮੁਆਵਜੇ ਤੇ ਇਲਾਜ ਸਬੰਧੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫਤਰ ਬਠਿੰਡਾ ਅੱਗੇ ਚੱਲ ਰਹੇ ਧਰਨੇ ਦੌਰਾਨ ਅੱਜ ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਘਟਨਾ ਨੂੰ ਵਾਪਰਿਆ ਕਈ ਦਿਨ ਹੋ ਗਏ ਹਨ ਪਰ ਅਜੇ ਤੱਕ ਪੰਜਾਬ ਸਰਕਾਰ ਨੇ ਮੁਜਰਮਾਨਾ ਚੁੱਪ ਧਾਰੀ ਹੋਈ ਹੈ ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਔਰਤ ਜਥੇਬੰਦੀ ਦੇ ਆਗੂ ਹਰਪ੍ਰੀਤ ਕੌਰ ਜੇਠੂਕੇ ਅਤੇ ਪਰਮਜੀਤ ਕੌਰ ਪਿੱਥੋ ਨੇ ਕਿਹਾ ਕਿ ਚਾਰ ਜਨਵਰੀ ਦੀ ਘਟਨਾ ਵਾਪਰਨ ਤੋਂ ਬਾਅਦ ਤਿੰਨੇ ਸ਼ਹੀਦ ਔਰਤਾਂ ਦੀਆਂ ਲਾਸ਼ਾਂ ਸਰਕਾਰੀ ਹਸਪਤਾਲ ਵਿੱਚ ਪਈਆਂ ਹਨ ਪਰ ਸਰਕਾਰ ਕਿਸਾਨ ਆਗੂਆਂ ਨੂੰ ਸੱਦ ਕੇ ਉਹਨਾਂ ਨਾਲ ਟਿੱਚਰਾਂ ਕਰ ਰਹੀ ਹੈ।
ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਤੋਂ ਪਹਿਲਾਂ ਵਾਲੀਆਂ ਸਰਕਾਰਾਂ ਤੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਸਾਰਾ ਕਰਜ਼ਾ ਖਤਮ ਕਰਨ ਦੀ ਮੰਗ ਸੰਘਰਸ਼ਾਂ ਦੌਰਾਨ ਮਨਾ ਕੇ ਲਾਗੂ ਕਰਵਾਈ ਜਾ ਚੁੱਕੀ ਹੈ ਪਰ ਪਿੰਡਾਂ ਦੀਆਂ ਸੱਥਾਂ ਚੋਂ ਚੱਲਣ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹੁਣ ਕਿਸਾਨਾਂ ਦੁਆਰਾ ਪਹਿਲਾਂ ਤੋਂ ਲਾਗੂ ਕਰਵਾਈਆਂ ਮੰਗਾਂ ਨੂੰ ਅਣਗੋਲਿਆਂ ਕਰਕੇ ਸਿਰਫ ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀਆਂ ਪੇਸ਼ਕਸ਼ਾਂ ਕਰ ਕੇ ਸ਼ਹੀਦ ਔਰਤਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਇਸ ਧਰਨੇ ਦੀਆਂ ਮੰਗਾਂ ਸ਼ਹੀਦ ਹੋਈਆਂ ਤਿੰਨ ਔਰਤਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਸਿਰ ਚੜਿਆ ਸਾਰਾ ਕਰਜ਼ਾ ਖਤਮ ਕਰਨ, ਗੰਭੀਰ ਜਖਮੀਆਂ ਨੂੰ ਪੰਜ ਪੰਜ ਲੱਖ ਰੁਪਏ ਅਤੇ ਹੋਰ ਜਖਮੀਆਂ ਨੂੰ ਦੋ ਦੋ ਲੱਖ ਰੁਪਏ ਦਾ ਮੁਆਵਜ਼ਾ ਅਤੇ ਜਖਮੀਆਂ ਦਾ ਇਲਾਜ ਮਾਹਰ ਡਾਕਟਰਾਂ ਦੁਆਰਾ ਸਰਕਾਰੀ ਖਰਚੇ ਤੇ ਕਰਨ ਆਦਿ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਨਾਂ ਚਿਰ ਸੰਘਰਸ਼ ਜਾਰੀ ਰਹੇਗਾ।
ਅੱਜ ਦੇ ਧਰਨੇ ਨੂੰ ਗੁਰਪਾਲ ਸਿੰਘ ਦਿਉਣ , ਸੁਖਜੀਤ ਸਿੰਘ ਕੋਠਾਗੁਰੂ, ਬਲਜੀਤ ਸਿੰਘ ਪੂਹਲਾ, ਕਾਲਾ ਸਿੰਘ ਚੱਠੇਞਾਲਾ, ਰਾਮ ਸਿੰਘ ਕੋਟਗੁਰੂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਕਰਮਜੀਤ ਸਿੰਘ ਕੋਠਾਗੁਰੂ ਨੇ ਵੀ ਸੰਬੋਧਨ ਕੀਤਾ। ਇਹਨਾਂ ਤੋਂ ਇਲਾਵਾ ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟਰ ਵਰਕਰ ਯੂਨੀਅਨ ਪੰਜਾਬ ਅਤੇ ਕ੍ਰਾਂਤੀਕਾਰੀ ਸੈਨਿਕ ਯੂਨੀਅਨ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਬਹੁਤ ਜਿਆਦਾ ਵਿਗੜ ਚੁੱਕੀ ਸਿਹਤ ਤੇ ਚਿੰਤਾ ਜਾਹਿਰ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੀਆਂ ਮੰਗਾਂ ਦਾ ਫੌਰੀ ਹੱਲ ਕੀਤਾ ਜਾਵੇ ਤਾਂ ਜੋ ਕੀਮਤੀ ਜਾਨ ਬਚ ਸਕੇ।