ਨਵੇਂ ਸਾਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰਖਦਿਆਂ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ
ਅਸ਼ੋਕ ਵਰਮਾ
ਬਠਿੰਡਾ, 7 ਜਨਵਰੀ 2024: ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2025 ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਸਿਖਲਾਈ ਅਧੀਨ ਆਈਏਐਸ ਸ੍ਰੀ ਰਾਕੇਸ਼ ਕੁਮਾਰ ਮੀਨਾ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਸ ਜਤਿੰਦਰ ਸਿੰਘ ਭੱਲਾ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਅੰਮਿਤ ਲਾਲ ਅਗਰਵਾਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਤੋਂ ਇਲਾਵਾ ਅਧਿਕਾਰੀ ਤੇ ਕਰਮਚਾਰੀ ਆਦਿ ਸ਼ਾਮਲ ਹੋਏ।
ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਬਠਿੰਡਾ ਵਾਸੀਆਂ ਨੂੰ ਨਵੇਂ ਸਾਲ 2025 ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਵਰ੍ਹਾ ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਸ਼ਾਂਤੀ ਭਰਿਆ ਹੋਵੇ।
ਉਨ੍ਹਾਂ ਇਹ ਵੀ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਨਵਾਂ ਸਾਲ ਜ਼ਿਲ੍ਹੇ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਲੋਕ ਭਲਾਈ ਨਾਲ ਜੁੜੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਠਿੰਡਾ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਦ੍ਰਿੜ ਸੰਕਲਪ ਲੈਣ ਤਾਂ ਜੋ ਵਿਕਾਸ ਦਾ ਫ਼ਲ ਜ਼ਿਲ੍ਹਾ ਵਾਸੀਆਂ ਤੱਕ ਪਹੁੰਚ ਸਕੇ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੌਰਾਨ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੇ ਜੋਸ਼ ਨਾਲ ਹੋਰ ਵੀ ਵਧੀਆ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਨਿੱਜੀ ਤੌਰ ਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਕੰਮ ਕਰਨ।
ਇਸ ਤੋਂ ਪਹਿਲਾਂ ਭਾਈ ਸੁੱਖਵਿੰਦਰ ਸਿੰਘ ਸਿੰਘਪੁਰਾ ਵਾਲਿਆਂ ਦੇ ਰਾਗੀ ਜਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਰਾਗੀ ਸਿੰਘਾਂ ਅਤੇ ਪਹੁੰਚੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਦੌਰਾਨ ਸ. ਰਾਜਵੀਰ ਸਿੰਘ ਮਾਨ, ਸ. ਗੁਰਸੇਵਕ ਸਿੰਘ, ਸ. ਲਾਲ ਸਿੰਘ, ਸ. ਬਲਬੀਰ ਸਿੰਘ, ਸ. ਦੀਦਾਰ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਕੇਵਲ ਕ੍ਰਿਸ਼ਨ, ਮਹਿੰਦਰਪਾਲ ਸ਼ਰਮਾ ਆਦਿ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ।