ਸ਼੍ਰੋਮਣੀ ਕਮੇਟੀ ਚੋਣਾਂ ਲਈ 24 ਜਨਵਰੀ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਅਤੇ ਇਤਰਾਜ਼
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 1 ਜਨਵਰੀ,2025 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਆਗਾਮੀ ਆਮ ਚੋਣਾਂ-2025 ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 03.01.2025 ਨੂੰ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਦਾਅਵੇ ਅਤੇ ਇਤਰਾਜ਼ ਮਿਤੀ 24.01.2025 ਤੱਕ ਦਿੱਤੇ ਜਾ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆ ਚੋਣਾਂ ਲਈ ਵੋਟਾਂ ਬਣਾਉਣ ਲਈ ਮਿਤੀ 21.10.2023 ਤੋਂ 15.12.2024 ਤੱਕ ਫਾਰਮ ਭਰੇ ਗਏ ਸਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਜ਼ਿਲ੍ਹੇ ਵਿਚ ਪੈਂਦੇ ਦੋ ਚੋਣ ਹਲਕਿਆਂ 76-ਬਲਾਚੌਰ ਅਤੇ 77-ਨਵਾਂਸ਼ਹਿਰ ਵਿਖੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਵਿਖੇ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕੋਈ ਵੀ ਕੇਸਾਧਾਰੀ ਸਿੱਖ, ਜਿਸ ਵੱਲੋਂ ਆਪਣੀ ਵੋਟ ਬਣਾਉਣ ਲਈ ਫਾਰਮ ਨੰ. 1 ਭਰਿਆ ਗਿਆ ਸੀ. ਉਹ ਆਪਣਾ ਨਾਮ ਵੋਟਰ ਸੂਚੀ ਵਿਚ ਚੈੱਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕੇਸਾਧਾਰੀ ਸਿੱਖ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਹੋਣ ਤੋਂ ਰਹਿ ਗਿਆ ਹੈ, ਉਹ ਆਪਣਾ ਫਾਰਮ ਭਰ ਕੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਵਿਖੇ ਮਿਤੀ 24.01.2025 ਤੱਕ ਦੇ ਸਕਦਾ ਹੈ।