ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਜਾਇਜੇ ਲਈ ਕੀਤਾ ਕੇਂਦਰੀ ਜੇਲ੍ਹ ਬਠਿੰਡਾ ਦਾ ਦੌਰਾ
ਅਸ਼ੋਕ ਵਰਮਾ
ਬਠਿੰਡਾ, 8 ਜਨਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਅੱਜ ਇੱਥੇ ਕੇਂਦਰੀ ਜੇਲ੍ਹ ਗੋਬਿੰਦਪੁਰਾ (ਬਠਿੰਡਾ) ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਜੇਲ੍ਹ ਸਟਾਫ਼ ਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ, ਉਥੇ ਹੀ ਹੋਰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਵਿਚਾਰ ਵਿਟਾਂਦਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵੱਲੋਂ ਜੇਲ੍ਹ ਦੇ ਵੱਖ-ਵੱਖ ਬੈਰਕਾਂ ਦਾ ਦੌਰਾ ਕਰਕੇ ਕੈਦੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਕੈਦੀਆਂ ਦੀਆਂ ਜ਼ਿਆਦਾਤਰ ਸਮੱਸਿਆਵਾਂ ਸਿਹਤ ਨਾਲ ਸਬੰਧਤ ਹੋਣ ਕਰਕੇ ਉਨ੍ਹਾਂ ਮੌਕੇ ਤੇ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੈਦੀਆਂ ਦੇ ਸਮੇਂ-ਸਿਰ ਚੈਕਅਪ ਕਰਨ ਅਤੇ ਜੇਲ੍ਹ ਵਿਖੇ ਹੀ ਲੈਬ ਅਤੇ ਡੈਂਟਲ ਮੋਬਾਇਲ ਵੈਨਾਂ ਦਾ ਢੁਕਵਾਂ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਕੈਦੀਆਂ ਦੇ ਇਲਾਜ ਲਈ ਕਿਸੇ ਤਰ੍ਹਾਂ ਦੀ ਦੇਰੀ ਜਾਂ ਢਿੱਲ ਮੱਠ ਨਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਮੇਂ-ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਜੇਲ੍ਹ ਅੰਦਰ ਸਟਾਫ ਤੇ ਕੈਦੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਉਨ੍ਹਾਂ ਦੇ ਯੋਗ ਹੱਲ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਉਨ੍ਹਾਂ ਜੇਲ ਵਿੱਚ ਬੰਦ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣਿਆ।
ਇਸ ਦੌਰਾਨ ਜੇਲ੍ਹ ਸੁਪਰਡੈਂਟ ਵੱਲੋਂ ਜੋਗਾਨੰਦ ਤੋਂ ਜੇਲ੍ਹ ਨੂੰ ਆਉਣ ਵਾਲੀ ਸੜ੍ਹਕ ਦੀ ਰਿਪੇਅਰ ਅਤੇ ਅਤੇ ਗਿੱਲਪੱਤੀ ਤੋਂ ਜੇਲ੍ਹ ਨੂੰ ਜਾਣ ਵਾਲੀ ਸੜ੍ਹਕ ਤੇ ਧੁੰਦ ਨੂੰ ਮੁੱਖ ਰਖਦਿਆਂ ਚਿੱਟੀ ਪੱਟੀ ਅਤੇ ਰਿਫਲੈਕਟਰ ਲਗਾਉਣ ਦੀ ਮੰਗ ਕੀਤੀ ਗਈ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਇਹ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜੇਲ੍ਹ ਅੰਦਰ ਸੀਵਰੇਜ ਦੇ ਪਾਣੀ ਦੀ ਨਿਕਾਸੀ ਅਤੇ ਵੇਸਟ ਪਾਣੀ ਦੇ ਢੁਕਵੇਂ ਹੱਲ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਜੇਲ੍ਹ ਸੁਪਰਡੰਟ ਸ੍ਰੀ ਮਨਜੀਤ ਸਿੰਘ ਸਿੱਧੂ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਅਮਿਤ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ-ਕਮ-ਕਾਰਜਕਾਰੀ ਸਿਵਲ ਸਰਜਨ ਡਾ. ਰਮਨ ਸਿੰਗਲਾ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।