ਬੱਚਿਆਂ ਦੇ ਆਧਾਰ ਕਾਰਡ ਬਣਵਾਉਣ ਅਤੇ ਬਾਈਓਮੈਟ੍ਰਿਕ ਅਪਡੇਟ ਕਰਵਾਉਣ ਦੀ ਅਪੀਲ
ਅਸ਼ੋਕ ਵਰਮਾ
ਬਠਿੰਡਾ, 15 ਜਨਵਰੀ 2025 : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੱਚਿਆਂ ਦੇ ਨਾਂਮਾਂਕਣ ਅਤੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਤੇ ਕੰਮ ਕਰਨ ਸਬੰਧੀ ਸ੍ਰੀ ਰਾਕੇਸ਼ ਕੁਮਾਰ ਮੀਨਾ, ਆਈ.ਏ.ਐਸ. (ਟ੍ਰੇਨਿੰਗ ਅਧੀਨ), ਮੁੱਖ ਮੰਤਰੀ ਫੀਲਡ ਅਫ਼ਸਰ, ਬਠਿੰਡਾ ਦੀ ਪ੍ਰਧਾਨਗੀ ਹੇਠ ਆਧਾਰ ਨਾਂਮਾਕਣ ਦੀ ਸਥਿਤੀ ਦੀ ਸਮੀਖਿਆ ਅਤੇ ਸਬੰਧਤ ਵਰਕਿੰਗ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਰੀਵਿਊ ਮੀਟਿੰਗ ਹੋਈ।
ਮੀਟਿੰਗ ਦੌਰਾਨ ਰਾਕੇਸ਼ ਕੁਮਾਰ ਮੀਨਾ ਨੇ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸਕੂਲਾਂ ਅਤੇ ਆਂਗਣਵਾੜੀ ਕੇਦਰਾਂ ਵਿੱਚ ਵੱਧ ਤੋਂ ਵੱਧ ਆਧਾਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣ ਅਤੇ ਨਾਲ ਹੀ ਇਹ ਵੀ ਅਪੀਲ ਕੀਤੀ ਕਿ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ ਤੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਕਰਵਾਉਣ ਲਈ ਬੱਚਿਆਂ/ਮਾਪਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਹ ਸਹੂਲਤ 5-7 ਸਾਲ ਅਤੇ 15-17 ਸਾਲ ਦੇ ਬੱਚਿਆਂ ਲਈ ਮੁਫਤ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਸਕੂਲਾਂ ਵਿੱਚ ਕਿੱਟਾਂ ਦੀ ਆਵਾਜਾਈ ਲਈ ਰੋਸਟਰ/ਆਧਾਰ ਕੈਂਪ ਸਡਿਊਲ ਤਿਆਰ ਕੀਤਾ ਜਾਵੇ।
ਮੁੱਖ ਮੰਤਰੀ ਫੀਲਡ ਅਫ਼ਸਰ ਸ਼੍ਰੀ ਮੀਨਾ ਨੇ ਸੇਵਾ ਕੇਂਦਰਾਂ ਨੂੰ ਵੀ ਹਦਾਇਤ ਕੀਤੀ ਕਿ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਕਰਵਾਉਣ ਲਈ ਵੱਧ ਤੋਂ ਵੱਧ ਆਧਾਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਲਈ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਾਲ-ਨਾਲ ਇਸ ਉਪਰਾਲੇ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪੁਹੰਚਾਇਆ ਜਾ ਸਕੇ।
ਰਾਕੇਸ਼ ਕੁਮਾਰ ਮੀਨਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਪ੍ਰਾਪਤ ਕਰਨ ਲਈ ਆਪਣਾ ਮੋਬਾਇਲ ਨੰਬਰ ਅਤੇ ਦਸਤਾਵੇਜ਼ ਆਧਾਰ ਨਾਲ ਅਪਡੇਟ ਕਰਨਾ ਲਾਜ਼ਮੀ ਬਣਾਉਣ। ਉਨ੍ਹਾਂ ਇਹ ਵੀ ਦੱਸਿਆ ਕਿ 14 ਜੂਨ, 2025 ਤੱਕ ਦਸਤਾਵੇਜ਼ ਅਪਡੇਟ ਦੀ ਸਹੂਲਤ ਮੁਫਤ ਹੈ।
ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਗੁਰਪ੍ਰਤਾਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਸ੍ਰੀਮਤੀ ਮਨਿੰਦਰ ਕੌਰ, ਡੀ.ਐਫ.ਐਸ.ਓ ਸ੍ਰੀ ਹਰਸ਼ਿਤ ਮਹਿਤਾ, ਪ੍ਰੋਜੈਕਟ ਮੈਨੇਜਰ ਯੂਆਈਡੀਏਆਈ ਸ੍ਰੀ ਮਧੂਰ ਬਾਂਸਲ ਆਦਿ ਹਾਜ਼ਰ ਸਨ।