ਦਾਨ ਸਿੰਘ ਵਾਲਾ ਦੇ ਮਜ਼ਦੂਰਾਂ ਨੂੰ ਇਨਸਾਫ ਦਿਵਾਉਣ ਲਈ 28 ਜਨਵਰੀ ਨੂੰ ਧਰਨਾ ਲਾਉਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 20 ਜਨਵਰੀ 2025: ਅੱਜ ਇੱਥੇ ਟੀਚਰਜ਼ ਹੋਮ ਬਠਿੰਡਾ ਵਿਖੇ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਮੀਟਿੰਗ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਦਾਨ ਸਿੰਘ ਵਾਲਾ ਦੇ ਪੀੜਤ ਮਜ਼ਦੂਰ ਪਰਿਵਾਰਾਂ ਨੂੰ ਇਨਸਾਫ ਦਵਾਉਣ ਲਈ 28 ਜਨਵਰੀ ਨੂੰ ਡੀਸੀ ਦਫਤਰ ਬਠਿੰਡਾ ਅੱਗੇ ਧਰਨਾ ਲਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਸ਼ਾਮਿਲ ਕਿਸਾਨ ਮਜ਼ਦੂਰ ਆਗੂਆਂ ਨੇ ਕਿਹਾ ਕਿ ਜਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਦਾਨ ਸਿੰਘ ਵਾਲਾ ਵਿਖੇ ਹੋਏ ਜਬਰ ਨੂੰ ਸਿਰਫ ਦੋ ਗਰੁੱਪਾਂ ਦੀ ਆਪਸੀ ਲੜਾਈ ਦਾ ਮੁੱਦਾ ਕਹਿ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਚਿੱਟਾ ਵੇਚਣ ਵਾਲੇ ਗੈਂਗ ਨੂੰ ਮਜ਼ਦੂਰਾਂ ਵੱਲੋਂ ਨਸ਼ਾ ਵੇਚਣ ਤੋਂ ਰੋਕਣ ਕਾਰਨ ਇਹ ਸਾਰਾ ਘਟਨਾਕਰਮ ਵਾਪਰਿਆ ਹੈ ।
ਮੀਟਿੰਗ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਪ੍ਰਸ਼ਾਸਨ ਵੱਲੋਂ ਉਜਾੜੇ ਅਤੇ ਜਬਰ ਦਾ ਸ਼ਿਕਾਰ ਬਣੇ ਮਜ਼ਦੂਰਾਂ ਨੂੰ ਸਿਰਫ ਪੰਜਾਹ - ਪੰਜਾਹ ਹਜਾਰ ਰੁਪਏ ਦੇਣਾ ਉਹਨਾਂ ਨਾਲ ਕੋਝਾ ਮਜ਼ਾਕ ਹੈ । ਪ੍ਰਸ਼ਾਸਨ ਦੇ ਇਸ ਰਵਈਏ ਵਿਰੁੱਧ ਮਜ਼ਦੂਰ ਕਿਸਾਨ ਜਥੇਬੰਦੀਆਂ ਸੰਘਰਸ਼ ਕਰਨ ਲਈ ਮਜਬੂਰ ਹਨ। ਮੀਟਿੰਗ ਨੇ ਮਤਾ ਪਾਸ ਕਰਕੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਫੌਰੀ ਤੌਰ ਤੇ ਠੰਡ ਦੇ ਮੌਸਮ ਨੂੰ ਦੇਖਦੇ ਹੋਏ ਮਜ਼ਦੂਰਾਂ ਨੂੰ ਟੈਂਟ ਵਗੈਰਾ ਦਾ ਪ੍ਰਬੰਧ ਕੀਤਾ ਜਾਵੇ। ਇਸ ਘਟਨਾ ਦਾ ਜੁਡੀਸ਼ੀਅਲ ਜਾਂਚ ਕਰਵਾਉਣ ਦੀ ਮੰਗ ਦੇ ਨਾਲ ਮਜ਼ਦੂਰਾਂ ਪਰਿਵਾਰਾਂ ਨੂੰ 10 -- 10 ਲੱਖ ਰੁਪਏ ਦੇਣ ਤੇ ਜਖਮੀਆਂ ਦਾ ਮੁਫਤ ਇਲਾਜ ਕਰਵਾਉਣ ਦੀ ਮੰਗ ਵੀ ਕੀਤੀ ਹੈ ।
ਅੱਜ ਦੀ ਮੀਟਿੰਗ ਵਿੱਚ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਮੱਖਣ ਸਿੰਘ ਗੁਰੂਸਰ, ਮਜ਼ਦੂਰ ਮੁਕਤੀ ਮੋਰਚਾ ਆਇਰਲਾ ਦੇ ਆਗੂ ਅਮੀ ਲਾਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮਿੱਠੂ ਸਿੰਘ ਘੁੱਦਾ, ਮਜ਼ਦੂਰ ਮੁਕਤੀ ਮੋਰਚਾ ਆਜਾਦ ਦੇ ਆਗੂ ਸੁਖਜੀਵਨ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਿੱਕਰ ਸਿੰਘ ਦਾਨ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਬਲਕਰਨ ਸਿੰਘ ਬਰਾੜ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ ਸ਼ਾਮਿਲ ਹੋਏ । ਇਸ ਮੌਕੇ 28 ਜਨਵਰੀ ਨੂੰ ਵੱਡਾ ਇਕੱਠ ਕਰਨ ਵਾਸਤੇ ਪਿੰਡਾਂ ਵਿੱਚ ਮੀਟਿੰਗਾਂ ਕਰਾਉਣ ਅਤੇ ਵੱਧ ਤੋਂ ਵੱਧ ਸਾਥੀਆਂ ਨੂੰ ਧਰਨੇ ਵਿੱਚ ਸ਼ਾਮਿਲ ਕਰਾਉਣ ਲਈ ਡਿਊਟੀਆਂ ਲਾਈਆਂ ਗਈਆਂ।