30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਕਾਬੂ
ਚੰਡੀਗੜ੍ਹ 21 ਜਨਵਰੀ, 2025 :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਬਠਿੰਡਾ ਵਿਖੇ ਉਸਾਰੀ ਜਾ ਰਹੀ ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਪ੍ਰਾਈਵੇਟ ਨਕਸ਼ਾ ਨਵੀਸ ਜ਼ਰੀਏ ਪ੍ਰਤੀ ਫਾਈਲ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਅਨੁਸਾਰ ਉਕਤ ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਬਦਲੇ ਰਿਸ਼ਵਤ ਵਜੋਂ 80000 ਰੁਪਏ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਫਾਈਲਾਂ 'ਤੇ ਇਤਰਾਜ਼ ਲਗਾਉਣ ਦੀ ਧਮਕੀ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਉਪਰੰਤ ਮੁਲਜ਼ਮ ਬਿਲਡਿੰਗ ਇੰਸਪੈਕਟਰ ਨੂੰ ਵੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।