ਗਣਤੰਤਰ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕਰਵਾਈ
ਅਸ਼ੋਕ ਵਰਮਾ
ਬਠਿੰਡਾ, 22 ਜਨਵਰੀ 2025: ਗਣਤੰਤਰ ਦਿਵਸ ਮੌਕੇ 26 ਜਨਵਰੀ 2025 ਨੂੰ ਹੋਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ’ਚ ਮਨਾਇਆ ਜਾਵੇਗਾ, ਜਿਸ ਦੇ ਮੱਦੇਨਜ਼ਰ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰਿਹਰਸਲ ਕੀਤੀ ਗਈ।
ਰਿਹਰਸਲ ਦੌਰਾਨ ਵਿਦਿਆਰਥੀਆਂ ਵੱਲੋਂ ਪੂਰਾ ਜੋਸ਼ ਅਤੇ ਉਤਸ਼ਾਹ ਦਿਖਾਉਂਦਿਆਂ ਪੀਟੀ ਸ਼ੋਅ, ਦੇਸ਼ ਭਗਤੀ ਨਾਲ ਸਬੰਧਤ ਗੀਤਾਂ ’ਤੇ ਕੋਰੀਓਗ੍ਰਾਫ਼ੀਆਂ ਤੋਂ ਇਲਾਵਾ ਗਿੱਧਾ-ਭੰਗੜੇ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਦੂਰ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਵਲੋਂ ਲੋੜੀਦੇ ਆਦੇਸ਼ ਵੀ ਦਿੱਤੇ ਗਏ।
ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਦਿਆਂ ਉਨ੍ਹਾਂ ਨੂੰ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ 24 ਜਨਵਰੀ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਟੀਮ ਇੰਚਾਰਜਾਂ ਨੂੰ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਵੀਰ ਸਿੰਘ ਮਾਨ, ਸੱਭਿਆਚਾਰਕ ਪ੍ਰੋਗਰਾਮ ਦੇ ਨੋਡਲ ਅਫਸਰ ਮੈਡਮ ਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।