ਕੇਜਰੀਵਾਲ ਦੀ ਸੁਰੱਖਿਆ ਵਿੱਚ ਲੱਗੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਕੀਤੇ ਗਏ ਭੁਗਤਾਨਾਂ ਦੇ ਵੇਰਵੇ ਦੇਵੇ ਦਿੱਲੀ ਅਤੇ ਪੰਜਾਬ ਦੀ ਸਰਕਾਰ: ਹਰਜੀਤ ਗਰੇਵਾਲ
- ਕੇਜਰੀਵਾਲ ਵਲੋਂ ਆਪਣੀ ਸੁਰੱਖਿਆ ਵਾਪਸ ਲੈਣ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਣਾ ਬੇਬੁਨਿਆਦ ਹੈ: ਹਰਜੀਤ ਸਿੰਘ ਗਰੇਵਾਲ
ਪ੍ਰਮੋਦ ਭਾਰਤੀ
ਚੰਡੀਗੜ੍ਹ, 24 ਜਨਵਰੀ ,2025 - ਬੀਜੇਪੀ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈਣ ਦਾ ਦੋਸ਼ ਲਗਾਉਣ ਵਾਲੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਾਰੇ ਆਗੂ ਸ਼ਾਇਦ ਭੁੱਲ ਗਏ ਹਨ ਕਿ ਦਿੱਲੀ ਅਤੇ ਪੰਜਾਬ ਦੋਵਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਕੇਜਰੀਵਾਲ ਦੀ ਸੁਰੱਖਿਆ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਡੀਜੀਪੀ ਦੇ ਹੁਕਮਾਂ 'ਤੇ ਵਾਪਸ ਲਈ ਗਈ ਹੈ, ਭਾਜਪਾ ਦੇ ਕਿਸੇ ਡੀਜੀਪੀ ਦੇ ਹੁਕਮਾਂ 'ਤੇ ਨਹੀਂ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਉਨ੍ਹਾਂ ਦੇ ਆਗੂ ਆਪਣੇ ਮਾੜੇ ਕੰਮਾਂ ਨੂੰ ਛੁਪਾਉਣ ਅਤੇ ਜਨਤਾ ਨੂੰ ਮੂਰਖ ਬਣਾਉਣ ਲਈ ਭਾਜਪਾ 'ਤੇ ਹਮੇਸ਼ਾ ਹੀ ਦੋਸ਼ ਲਗਾਉਂਦੇ ਹਨ।
ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਚੋਣਾਂ ਤੋਂ ਪਹਿਲਾਂ ਕਹਿੰਦੇ ਸਨ ਕਿ ਉਹ ਕੋਈ ਸੁਰੱਖਿਆ ਨਹੀਂ ਲੈਣਗੇ, ਜਦੋਂ ਕਿ ਜਿੱਤਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਜ਼ੈੱਡ ਸੁਰੱਖਿਆ ਦਿੱਤੀ ਗਈ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਪ੍ਰਦਾਨ ਕੀਤੀ। ਪਰ ਹੁਣ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਪੁਲਿਸ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ। ਦਰਅਸਲ, ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਕੋਲ ਪਹਿਲਾਂ ਹੀ ਦਿੱਲੀ ਪੁਲਿਸ ਦੀ Z ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ।
ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜੇਕਰ ਕੋਈ ਹੋਰ ਰਾਜ ਸਰਕਾਰ Z ਪਲੱਸ ਸ਼੍ਰੇਣੀ ਦੀ ਸੁਰੱਖਿਆ ਵਾਲੇ ਵਿਅਕਤੀ ਨੂੰ ਸੁਰੱਖਿਆ ਪ੍ਰਦਾਨ ਕਰਦੀ ਹੈ, ਤਾਂ ਉਸ ਰਾਜ ਦੀ ਪੁਲਿਸ ਸੁਰੱਖਿਆ ਸਿਰਫ 72 ਘੰਟਿਆਂ ਲਈ ਹੀ ਸੁਰੱਖਿਅਤ ਵਿਅਕਤੀ ਕੋਲ ਰਹਿੰਦੀ ਹੈ ਅਤੇ 72 ਘੰਟਿਆਂ ਬਾਅਦ, ਪੁਲਿਸ ਆਪਣੇ ਆਪ ਇਸਨੂੰ ਵਾਪਸ ਲੈ ਲੈਂਦੀ ਹੈ। ਅਜਿਹਾ ਐਮ.ਐਚ.ਏ. ਦਾ ਨਿਯਮ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਕੋਈ ਵਿਅਕਤੀ ਆਪਣੇ ਲਈ ਕਿਸੇ ਹੋਰ ਰਾਜ ਦੀ ਪੁਲਿਸ ਤੋਂ ਸੁਰੱਖਿਆ ਲੈਂਦਾ ਹੈ, ਤਾਂ ਉਸਨੂੰ ਇਸਦਾ ਭੁਗਤਾਨ ਕਰਨਾ ਪੈਂਦਾ ਹੈ। ਜਦੋਂ ਕਿ ਕੇਜਰੀਵਾਲ ਦੀ ਸੁਰੱਖਿਆ ਵਿੱਚ ਲੱਗੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਕੀਤੇ ਗਏ ਭੁਗਤਾਨਾਂ ਦਾ ਹਿਸਾਬ-ਕਿਤਾਬ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਦੇ ਵੀ ਜਨਤਕ ਨਹੀਂ ਕੀਤਾ।
ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਉਨ੍ਹਾਂ ਨੇ ਕੇਜਰੀਵਾਲ ਦੀ ਸੁਰੱਖਿਆ ਤੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਨੂੰ ਹਟਾਇਆ ਹੈ। ਅਜਿਹਾ ਬਦਲਾਅ 5 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਇਆ ਸੀ।