ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਤਿਆਰੀ
ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਬਾਰੇ ਵਿਚਾਰ ਵਟਾਂਦਰਾ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ, 20 ਫਰਵਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਵੱਲੋਂ ਵੋਟਰ ਸੂਚੀਆਂ ਦੀ ਤਿਆਰੀ/ਸੁਧਾਈ ਲਈ ਨਿਯੁਕਤ ਕੀਤੇ ਜਾਣ ਵਾਲੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ, ਭਾਰਤ ਵੱਲੋਂ ਵੋਟਰ ਸੂਚੀਆਂ ਦੀ ਤਿਆਰੀ/ਸੁਧਾਈ ਦੀ ਪ੍ਰੀਕ੍ਰਿਆ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਵੋਟਰ ਸੂਚੀ ਵਿੱਚ ਹੋਰ ਸੁਧਾਰ ਲਿਆਉਣ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟਾਂ (ਬੀ.ਐੱਲ.ਏ.) ਦੀ ਨਿਯੁਕਤੀ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਪ੍ਰੀਕ੍ਰਿਆ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਆਪਣੇ ਪ੍ਰਧਾਨ ਜਾਂ ਸਕੱਤਰ ਆਦਿ ਰਾਹੀਂ ਜ਼ਿਲ੍ਹਾ ਪ੍ਰਤੀਨਿਧੀਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਲਈ ਫਾਰਮ ਆਈ.ਡੀ. - ਬੀ.ਐੱਲ.ਏ.-1 ਵਿੱਚ ਅਧਿਕਾਰਤ ਕਰੇਗੀ। ਅਧਿਕਾਰਤ ਕੀਤੇ ਗਏ ਜ਼ਿਲ੍ਹਾ ਪ੍ਰਤੀਨਿਧੀ ਵੱਲੋਂ ਜ਼ਿਲ੍ਹੇ ਦੇ ਸਮੂਹ 07 ਵਿਧਾਨ ਸਭਾ ਚੋਣ ਹਲਕਿਆਂ ਦੇ ਹਰੇਕ ਪੋਲਿੰਗ ਸਟੇਸ਼ਨ ਲਈ ਫਾਰਮ ਆਈ.ਡੀ.: ਬੀ.ਐੱਲ.ਏ-2 ਵਿੱਚ ਬੂਥ ਲੈਵਲ ਏਜੰਟ ਦੀ ਨਿਯੁਕਤੀ ਕੀਤੀ ਜਾਵੇਗੀ। ਬੀ.ਐੱਲ.ਏ. ਦੀ ਨਿਯੁਕਤੀ ਸਮੇਂ ਇਸ ਗੱਲ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਕਿ ਸਰਕਾਰੀ ਜਾਂ ਪੀ.ਐੱਸ.ਯੂ ਵਿੱਚ ਨੌਂਕਰੀ ਕਰਨ ਵਾਲਾ ਕੋਈ ਵੀ ਵਿਅਕਤੀ ਬੂਥ ਲੈਵਲ ਏਜੰਟ ਵਜੋਂ ਕੰਮ ਨਹੀਂ ਕਰ ਸਕਦਾ ਅਤੇ ਬੀ.ਐੱਲ.ੲ. ਸਬੰਧਿਤ ਭਾਗ/ਪੋਲਿੰਗ ਸਟੇਸ਼ਨ ਦੀ ਵੋਟਰ ਸੂਚੀ ਵਿੱਚ ਬਤੌਰ ਵੋਟਰ ਰਜਿਸਟਰਡ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀ.ਐੱਲ.ਏ ਸਬੰਧਿਤ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਅਫ਼ਸਰਾਂ ਨਾਲ ਮਿਲ ਕੇ ਵੋਟਰ ਸੂਚੀਆਂ ਨੂੰ ਬਿਹਤਰ ਬਣਾਉਣ ਲਈ ਕੰਮ ਕਰਨਗੇ ਅਤੇ ਨਵੀਆਂ ਵੋਟਾਂ ਬਣਾਉਣ, ਕਟੌਤੀ, ਸੋਧ ਲਈ ਫਾਰਮ ਜਮਾਂ ਕਰਵਾਉਣ ਵਿੱਚ ਬਿਨੈਕਾਰਾਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਬੀ.ਐੱਲ.ਏ. ਦੀ ਨਿਯੁਕਤੀ ਲਈ ਅਧਿਕਾਰਤ ਪ੍ਰਤੀਨਿਧੀਆਂ ਦੀ ਤਜਵੀਜ਼ ਫਾਰਮ ਆਈ.:ਡੀ. ਬੀ.ਐੱਲ..ਏ. 1 ਵਿੱਚ ਮਿਤੀ 21 ਫਰਵਰੀ 2025 ਬਾਅਦ ਦੁਪਹਿਰ 3:00 ਵਜੇ ਤੱਕ ਹਰ ਹਾਲਤ ਵਿੱਚ ਜ਼ਿਲ੍ਹਾ ਚੋਣ ਦਫ਼ਤਰ ਗੁਰਦਾਸਪੁਰ ਨੂੰ ਭੇਜਣਗੇ ਤਾਂ ਜੋ ਇਹ ਤਜਵੀਜ਼ ਪ੍ਰਵਾਨਗੀ ਲਈ ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਭੇਜੀ ਜਾ ਸਕੇ।
ਇਸ ਮੀਟਿੰਗ ਵਿੱਚ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਵਿੰਦਰ ਸਿੰਘ ਭੁੱਲਰ, ਆਈ.ਏ.ਐੱਸ., ਤਹਿਸੀਲਦਾਰ ਚੋਣਾਂ ਸ੍ਰੀ ਮਨਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਸ੍ਰੀ ਰੁਪੇਸ਼ ਕੁਮਾਰ, ਕਾਂਗਰਸ ਪਾਰਟੀ ਦੇ ਦਫ਼ਤਰ ਸੈਕਟਰੀ ਸ੍ਰੀ ਗੁਰਵਿੰਦਰ ਲਾਲ, ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਧਰਮਪਾਲ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸ੍ਰੀ ਰਾਜਨ ਗੋਇਲ, ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਸ੍ਰੀ ਕੰਵਲਜੀਤ ਸਿੰਘ ਵੀ ਹਾਜ਼ਰ ਸਨ।