ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤ ਦਿਵਸ ਸਮਾਰੋਹ ਕਰਵਾਇਆ
ਹੁਸ਼ਿਆਰਪੁਰ, 20 ਫਰਵਰੀ: ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਨੂੰ ਪਿੰਡ ਫਿਰੋਜ ਰੌਲੀਆਂ ਬਲਾਕ ਟਾਂਡਾ ਵਿਖੇ ਪਰਾਲੀ ਪ੍ਰਬੰਧਨ ਉਪਰੰਤ ਬੀਜੀ ਕਣਕ ਸਬੰਧੀ ਖੇਤ ਦਿਵਸ ਬਾਰੇ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਸ਼ੂਰੁਆਤ ਵਿੱਚ ਪਹੁੰਚੇ ਕਿਸਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਦੱਸਿਆ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਸੰਬੰਧੀ ਤਕਨੀਕੀ ਨੁੱਕਤੇ ਸਾਂਝੇ ਕੀਤੇ ਅਤੇ ਝੋਨੇ ਦੀ ਪਰਾਲੀ ਦੀ ਖੁੰਬ ਉਤਪਾਦਨ, ਊਰਜਾ, ਗੱਤਾ ਉਦਯੋਗ, ਮਲਚ ਤੇ ਗੋਬਰ ਗੈਸ ਪਲਾਂਟ ਵਿੱਚ ਵਰਤੋਂ ਬਾਰੇ ਵੀ ਜਾਗਰੂਕ ਕੀਤਾ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰ ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਦੀ ਪਸ਼ੂ ਖੁਰਾਕ ਵਜੋਂ ਵਰਤੋਂ ਤੇ ਦੁਧਾਰੂ ਪਸ਼ੂਆਂ ਦੀ ਸੰਭਾਲ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਕਰਮਵੀਰ ਸਿੰਘ ਗਰਚਾ ਨੇ ਪੌਸ਼ਟਿਕ ਘਰੇਲੂ ਬਗੀਚੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਅਫਸ਼ਰ ਟਾਂਡਾ ਡਾ.ਯਸ਼ਪਾਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ’ਤੇ ਕਰਨ ਤਾਂ ਜੋ ਇਸ ਦਾ ਪੂਰਾ ਫਾਇਦਾ ਲਿਆ ਜਾ ਸਕੇ ਅਤੇ ਖੇਤੀ ਵਿਕਾਸ ਅਫਸਰ ਡਾ. ਲਵਜੀਤ ਸਿੰਘ ਨੇ ਵਿਭਾਗੀ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਖੇਤ ਦਿਵਸ ਵਿੱਚ ਪਿੰਡ ਫਿਰੋਜ ਰੌਲੀਆਂ ਦੇ ਅਗਾਂਹਵਧੂ ਕਿਸਾਨ, ਲੰਬੜਦਾਰ ਜਸਬੀਰ ਸਿੰਘ, ਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਜੋਗਿੰਦਰ ਸਿੰਘ ਤੇ ਪਰਮਵੀਰ ਸਿੰਘ, ਪਿੰਡ ਇਬਰਾਹਿਮਪੁਰ ਤੋਂ ਲੰਬੜਦਾਰ ਸੁਰਜੀਤ ਸਿੰਘ ਤੇ ਕੁਲਦੀਪ ਸਿੰਘ, ਪਿੰਡ ਮੁਨਣ ਤੋਂ ਬਲਦੇਵ ਸਿੰਘ ਤੇ ਰੂੜ ਸਿੰਘ ਅਤੇ ਪਿੰਡ ਰਾਣੀ ਪਿੰਡ ਤੋਂ ਗੁਰਨੇਕ ਸਿੰਘ ਆਦਿ ਵੀ ਹਾਜ਼ਰ ਸਨ।