ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਏਅਰਪੋਰਟ ਪਹੁੰਚੇ 4 ਹੋਰ ਪੰਜਾਬੀ, ਪੜ੍ਹੋ ਵੇਰਵਾ
ਅੰਮ੍ਰਿਤਸਰ 23 ਫਰਵਰੀ, 2025 - ਡੋਨਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਸਿਲਸਲਾ ਜਾਰੀ ਹੈ। ਹੁਣ ਖਬਰ ਆ ਰਹੀ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ 4 ਹੋਰ ਨੌਜਵਾਨ ਅੰਮ੍ਰਿਤਸਰ ਏਅਰਪੋਰਟ ਪਹੁੰਚੇ।
ਚਾਰੇ ਨੌਜਵਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਸਨੀਕ ਹਨ। ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਪਹੁੰਚੇ ਨੌਜਵਾਨਾਂ ਵਿੱਚ 2 ਬਟਾਲੇ ਅਤੇ 1 ਜਲੰਧਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੌਜਵਾਨਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਅਮਰੀਕਾ ਦਾ ਤੀਜਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੁੱਜਾ ਸੀ। ਇਸ ਤੋਂ ਪਹਿਲਾਂ, 15 ਫ਼ਰਵਰੀ ਨੂੰ 116 ਦੇ ਕਰੀਬ ਭਾਰਤੀ ਨਾਗਰਿਕ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦੇ ਸਨ। ਇਨ੍ਹਾਂ ਵਿੱਚ ਮਹਿਲਾਵਾਂ, ਮਰਦ ਤੇ ਬੱਚੇ ਵੀ ਸ਼ਾਮਲ ਹਨ। ਡਿਪੋਰਟ ਹੋ ਕੇ ਹਵਾਈ ਅੱਡੇ ਉੱਤੇ ਉਤਰਨ ਤੋਂ ਬਾਅਦ ਇਨ੍ਹਾਂ ਭਾਰਤੀਆਂ ਦੀ ਏਜੰਸੀਆਂ ਵਲੋਂ ਜਾਂਚ-ਪੜਤਾਲ ਕੀਤੀ ਗਈ ਅਤੇ ਲੋੜੀਂਦੀ ਪੁੱਛਗਿੱਛ ਵੀ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪੋ-ਆਪਣੇ ਘਰਾਂ ਨੂੰ ਰਵਾਨਾ ਕੀਤਾ ਗਿਆ।