ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਜੋਂ ਅਹੁਦਾ ਸੰਭਾਲਿਆ
- ਜ਼ਿਲ੍ਹਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਕੀ ਸੇਵਾਵਾਂ ਦੇਣਾ ਸਭ ਤੋਂ ਵੱਡੀ ਪ੍ਰਰਾਥਮਿਕਤਾ-ਡੀ ਸੀ
- ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ 25 ਫਰਵਰੀ 2025 - 2013 ਬੈਚ ਦੇ ਸੀਨੀਅਰ ਆਈ.ਏ.ਐਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਫਰੀਦਕੋਟ ਦਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਬਰਨਾਲਾ, ਫਤਿਹਗੜ ਸਾਹਿਬ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ।ਇਸ ਮੌਕੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਗਾਰਡ ਆਫ ਆਨਰ ਦਿੱਤਾ ਗਿਆ।
ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਉਹ ਧੰਨਵਾਦੀ ਹਨ ਜਿਨਾਂ ਨੇ ਉਨ੍ਹਾਂ ਨੂੰ ਬਾਬਾ ਫਰੀਦ ਜੀ ਦੀ ਵਰਸੋਈ ਨਗਰੀ ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਦੇਣ ਦਾ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੀ ਟੀਮ ਨਾਲ ਮਿਲ ਕੇ ਲੋਕਾਂ ਨੂੰ ਸਮਾਂ-ਬੱਧ ਸਰਕਾਰੀ ਸੇਵਾਵਾਂ ਦੇਣ ਦੇ ਉਪਰਾਲੇ ਕਰਨਗੇ ਤੇ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਕੰਮ-ਕਾਰ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਕੀ ਸੇਵਾਵਾਂ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਰਾਥਮਿਕਤਾ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਤੋਂ ਬਾਅਦ ਉਹ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ.ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਤੁਸ਼ਿਤਾ ਗੁਲਾਟੀ, ਡੀ.ਆਰ.ਓ ਲਵਪ੍ਰੀਤ ਕੌਰ, ਪੀ.ਏ ਗੁਰਨਾਮ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।