ਅੰਕੁਰਜੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 25 ਫਰਵਰੀ,2025 - 2018 ਬੈਚ ਦੇ ਆਈ. ਏ. ਐਸ ਅਫ਼ਸਰ ਅੰਕੁਰਜੀਤ ਸਿੰਘ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ) ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ) ਦੇ ਮੁੱਖ ਪ੍ਰਸ਼ਾਸਕ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਕਮਿਸ਼ਨਰ ਮਿਉਂਸਪਲ ਕਾਰਪੋਰੇਸ਼ਨ ਪਠਾਨਕੋਟ ਅਤੇ ਪਟਿਆਲਾ ਜ਼ਿਲ੍ਹੇ ਵਿਚ ਐਸ.ਡੀ.ਐਮ ਦੂਧਨਸਾਧਾਂ ਤੇ ਪਾਤੜਾਂ ਵਜੋਂ ਵੀ ਬਿਹਤਰੀਨ ਸੇਵਾਵਾਂ ਨਿਭਾਅ ਚੁੱਕੇ ਹਨ।
ਆਈ.ਆਈ.ਟੀ ਰੁੜਕੀ ਤੋਂ ਸਿਵਲ ਇੰਜੀਨੀਅਰਿੰਗ 'ਚ ਬੀ.ਟੈੱਕ ਦੀ ਡਿਗਰੀ ਹਾਸਲ ਕਰਨ ਵਾਲੇ ਅੰਕੁਰਜੀਤ ਸਿੰਘ ਨੇ ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨਾਲ ਜੁੜੇ ਇਸ ਜ਼ਿਲ੍ਹੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਇਕ ਟੀਮ ਦੀ ਤਰ੍ਹਾਂ ਰਲ-ਮਿਲ ਕੇ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਉਣਾ ਉਨਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਸਾਰਿਆਂ ਦੇ ਸਹਿਯੋਗ ਨਾਲ ਸਫਲ ਕੀਤਾ ਜਾਵੇਗਾ ਅਤੇ ਸਿਹਤਮੰਦ ਪੰਜਾਬ ਲਈ ਨੌਜਵਾਨਾਂ ਨੂੰ ਸਿੱਖਿਆ ਅਤੇ ਖੇਡਾਂ ਨਾਲ ਜੋੜਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਅਤੇ ਬੇਟਾ ਸਹਿਜ ਵੀ ਨਾਲ ਸਨ।
ਇਸ ਮੌਕੇ ਉਨਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ. ਡੀ. ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ. ਡੀ. ਐਮ ਬਲਾਚੌਰ ਰਵਿੰਦਰ ਬਾਂਸਲ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਜਗਦੀਪ ਸਿੰਘ, ਜ਼ਿਲ੍ਹਾ ਮਾਲ ਅਫਸਰ ਮਨਦੀਪ ਸਿੰਘ ਮਾਨ, ਡੀ.ਡੀ.ਪੀ.ਓ ਨਿਧੀ ਸਿਨਹਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।