ਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ - ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
- ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਨੂੰ ਡਰੋਨ ਵਿਰੋਧੀ ਤਕਨੀਕ ਨਾਲ ਲੈਸ ਕੀਤਾ ਜਾਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ, 05 ਮਾਰਚ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਲਈ ਜੰਗ ਦਾ ਐਲਾਨ ਕਰ ਦਿੱਤਾ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਾ ਕੋਈ ਵੀ ਵਿਅਕਤੀ ਬਖ਼ਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਸੂਬੇ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਸ. ਹਰਪਾਲ ਸਿੰਘ ਚੀਮਾ ਜੋ 'ਯੁੱਧ ਨਸ਼ਿਆਂ ਵਿਰੁੱਧ' ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ ਵੱਲੋਂ ਅੱਜ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਸਮੇਤ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ। ਐਡਵੋਕੇਟ ਚੀਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ਮੀਨੀ ਹਕੀਕਤ ਦਾ ਪਤਾ ਲਗਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨਸ਼ਾ ਵਿਰੋਧੀ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕੇ।
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਨੂੰ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਇਨ੍ਹਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾਵੇ ਤਾਂ ਜੋ ਇਹ ਸਾਡੀ ਨੌਜਵਾਨੀ ਨੂੰ ਨਸ਼ੇ ਦੀ ਦਲ-ਦਲ ਵਿੱਚ ਨਾ ਫਸਾ ਸਕਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ਿਆਂ ਦੇ ਹਾਟ-ਸਪਾਟ ਖੇਤਰਾਂ ਦੀ ਲਗਾਤਾਰ ਚੈਕਿੰਗ ਕਰਨ। ਇਸਦੇ ਨਾਲ ਹੀ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਤੇਜ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਹਾਸਲ ਕੀਤੀ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਦੀ ਨਸ਼ਾ ਤਸਕਰਾਂ ਨਾਲ ਕੋਈ ਮਿਲੀ-ਭੁਗਤ ਪਾਈ ਗਈ ਤਾਂ ਉਨ੍ਹਾਂ ਖ਼ਿਲਾਫ਼ ਤੁਰੰਤ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਜਿੰਨੇ ਵੀ ਮੈਡੀਕਲ ਸਟੋਰ ਹਨ ਉਨ੍ਹਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਮੈਡੀਕਲ ਸਟੋਰਾਂ ਵਿੱਚ ਪਾਬੰਦੀਸ਼ੁਦਾ ਦਵਾਈਆਂ ਦੀ ਵਿੱਕਰੀ ਬਿਲਕੁੱਲ ਨਾ ਹੋਵੇ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀ ਜੋ ਅਣ-ਅਧਿਕਾਰਤ ਤੌਰ 'ਤੇ ਮੈਡੀਕਲ ਪ੍ਰੈਕਟਿਸ ਕਰਦਿਆਂ ਨਸ਼ਿਆਂ ਨੂੰ ਫੈਲਾਉਣ ਦਾ ਕੰਮ ਕਰਦੇ ਹਨ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਿਵਲ ਸਰਜਨ ਨੂੰ ਇਸ ਸਬੰਧੀ ਰਿਪੋਰਟ 10 ਦਿਨਾਂ ਦੇ ਅੰਦਰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਓਟ ਕੇਂਦਰਾਂ ਅਤੇ ਨਸ਼ਾ ਛੁਡਾਓ ਤੇ ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਵਿੱਦਿਅਕ ਮੁਕਾਬਲਿਆਂ, ਖੇਡਾਂ, ਸਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ 'ਉਮੀਦ' ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਹਾਟ ਸਪਾਟ ਖੇਤਰਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਡੀ.ਆਈ.ਜੀ. ਬਾਰਡਰ ਰੇਂਜ ਸ੍ਰੀ ਸਤਿੰਦਰ ਸਿੰਘ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ ਅਤੇ ਐੱਸ.ਐੱਸ.ਪੀ. ਬਟਾਲਾ ਸੋਹੇਲ ਕਾਸਿਮ ਮੀਰ ਵੱਲੋਂ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀਆਂ ਕਾਰਵਾਈਆਂ ਦੀ ਰਿਪੋਰਟ ਸਾਂਝੀ ਕੀਤੀ ਗਈ। ਡੀ.ਆਈ.ਜੀ. ਬਾਰਡਰ ਰੇਂਜ ਸ੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪੁਲਿਸ ਵਿਭਾਗ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਸੂਰਤ ਵਿੱਚ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਅੰਤਿਮ ਝਟਕਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਨਸ਼ਿਆਂ ਦਾ ਕਾਰੋਬਾਰ ਚਲਾਉਣ ਵਾਲੇ ਵਿਅਕਤੀਆਂ ਨੂੰ ਵਾਪਸ ਲਿਆ ਕੇ ਕਾਨੂੰਨ ਮੁਤਾਬਿਕ ਸਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ 'ਤੇ ਮੁਕੰਮਲ ਰੋਕ ਲਗਾਉਣ ਲਈ ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਨੂੰ ਜਲਦੀ ਹੀ ਐਂਟੀ ਡਰੋਨ ਤਕਨੀਕ ਨਾਲ ਲੈਸ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਡੇਰਾ ਬਾਬਾ ਨਾਨਕ ਦੇ ਵਿਧਾਇਕ ਸ੍ਰੀ ਗੁਰਦੀਪ ਸਿੰਘ ਰੰਧਾਵਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਸੀਨੀਅਰ ਆਗੂ ਸ੍ਰੀ ਸਵਰਨ ਸਲਾਰੀਆ, ਪਨਸਪ ਦੇ ਚੇਅਰਮੈਨ ਸ੍ਰੀ ਬਲਬੀਰ ਸਿੰਘ ਪੰਨੂ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਜੀਵ ਸ਼ਰਮਾ, ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਸ੍ਰੀ ਭਾਰਤ ਭੂਸ਼ਨ ਸ਼ਰਮਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਮਾਣਿਕ ਮਹਿਤਾ, ਨੀਰਜ ਸਲਹੋਤਰਾ, ਸੁੱਚਾ ਸਿੰਘ ਮੁਲਤਾਨੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਮੁਹਤਬਰ ਵੀ ਹਾਜ਼ਰ ਸਨ।