ਪੰਜਾਬ ਦੇ ਰੰਗਾਂ ਨੂੰ ਦਰਸਾਉਂਦਾ ਹੈ ਬਠਿੰਡਾ ਦਾ ਫਲਾਵਰ ਫੈਸਟੀਵਲ : ਕੁਲਤਾਰ ਸਿੰਘ ਸੰਧਵਾਂ
ਅਸ਼ੋਕ ਵਰਮਾ
ਬਠਿੰਡਾ, 8 ਮਾਰਚ 2025 : ਫਲਾਵਰ ਫੈਸਟੀਵਲ ਪੰਜਾਬ ਦੇ ਰੰਗਾਂ ਨੂੰ ਦਰਸਾਉਂਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਰੋਜ਼ ਗਾਰਡਨ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ, ਮਿਊਸਪਲ ਕਾਰਪੋਰੇਸ਼ਨ ਅਤੇ ਟਰੀ ਲਵਰ ਸੋਸਾਇਟੀ ਵੱਲੋਂ ਕਰਵਾਏ ਗਏ ਤੀਸਰੇ ਦੋ ਰੋਜ਼ਾ ਫਲਾਵਰ ਫੈਸਟੀਵਲ ਵਿੱਚ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ ਜਤਿੰਦਰ ਭੱਲਾ, ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ ਅਤੇ ਆਪ ਆਗੂ ਮੈਡਮ ਮਨਦੀਪ ਕੌਰ ਰਾਮਗੜੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਕਰਵਾਏ ਗਏ ਇਸ ਤੀਸਰੇ ਫਲਾਵਰ ਫੈਸਟੀਵਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ-ਜਿਹੇ ਮੇਲਿਆਂ ਦਾ ਅਸਰ ਸਾਡੀਆਂ ਅਗਲੀਆਂ ਪੀੜੀਆਂ ਤੇ ਪੈਂਦਾ ਹੈ। ਉਹਨਾਂ ਇਹ ਵੀ ਕਿਹਾ ਕਿ ਇਹ ਮੇਲਾ ਰੰਗਲੇ ਪੰਜਾਬ ਦਾ ਦ੍ਰਿਸ਼ ਸਾਹਮਣੇ ਲਿਆਉਂਦਾ ਹੈ।ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਨੂੰ ਹਮੇਸ਼ਾ ਕੁਦਰਤ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ ਅਤੇ ਉਸ ਦਾ ਆਨੰਦ ਮਾਨਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹੋ ਜਿਹੇ ਮੇਲੇ ਕਰਾਉਣ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਟਰੀ ਲਵਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਸਪੀਕਰ ਵਿਧਾਨ ਸਭਾ ਪੰਜਾਬ ਸ ਕੁਲਤਾਰ ਸਿੰਘ ਸੰਧਵਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ।ਇਸ ਮੌਕੇ ਬੱਚਿਆਂ ਵੱਲੋਂ ਪੰਜਾਬੀਆਂ ਦੀ ਸ਼ਾਨ ਭੰਗੜਾ, ਸੱਭਿਆਚਾਰਕ ਗੀਤ ਅਤੇ ਗੱਤਕੇ ਤੋਂ ਇਲਾਵਾ ਹੋਰ ਵੱਖ-ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ ਜਿਨਾਂ ਦੀ ਸਮੂਹ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਟਰੀ ਲਵਰ ਸੋਸਾਇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।