ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਮਨਾਇਆ 23 ਮਾਰਚ ਦੇ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ
ਅਸ਼ੋਕ ਵਰਮਾ
ਬਠਿੰਡਾ,23 ਮਾਰਚ 2025: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਅਤੇ ਉਸਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਬਠਿੰਡਾ ਦੀ ਦਾਣਾ ਮੰਡੀ ਵਿੱਚ ਮਨਾਇਆ ਗਿਆ । ਅੱਜ ਇੱਥੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਔਰਤ ਜਥੇਬੰਦੀ ਆਗੂ ਹਰਿੰਦਰ ਬਿੰਦੂ ਤੇ ਪਰਮਜੀਤ ਕੌਰ ਪਿੱਥੋ ਨੇ ਕਿਹਾ ਕਿ ਭਗਤ ਸਿੰਘ ਅਤੇ ਉਸਦੇ ਸਾਥੀ ਦੇਸ਼ ਵਿੱਚ ਵਿੱਚੋਂ ਗਰੀਬੀ ਖਤਮ ਕਰਕੇ ਬਰਾਬਰਤਾ ਲਈ ਸੰਘਰਸ਼ ਲੜ ਰਹੇ ਸਨ। ਉਹ ਚਾਹੁੰਦੇ ਸਨ ਕਿ ਦੇਸ਼ ਵਿੱਚੋਂ ਸਰਮਾਏਦਾਰੀ ਅਤੇ ਜਗੀਰਦਾਰੀ ਖਤਮ ਕਰਕੇ ਕਿਸਾਨਾਂ ਮਜ਼ਦੂਰਾਂ ਦੀ ਪੁੱਗਤ ਵਾਲਾ ਰਾਜ ਹੋਵੇ ਜਿਸ ਵਿੱਚ ਸਭ ਨੂੰ ਰੁਜ਼ਗਾਰ, ਸਿੱਖਿਆ, ਸਿਹਤ ਦਾ ਬਰਾਬਰ ਦਾ ਹੱਕ ਹੋਵੇ। ਕਿਸੇ ਤੇ ਨਿਹੱਕਾ ਜੁਲਮ ਨਾ ਕੀਤਾ ਜਾਵੇ।
ਉਹਨਾਂ ਕਿਹਾ ਕਿ ਸ਼ਹੀਦਾਂ ਨੇ ਦੇਸ਼ ਵਿੱਚ ਇਹੋ ਜਿਹਾ ਸਮਾਜ ਸਿਰਜਣ ਲਈ ਉਹਨਾਂ ਕੁਰਬਾਨੀਆਂ ਦਿੱਤੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਪਰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਦੇਸ਼ ਦੇ ਲੋਕਾਂ ਤੇ ਜਬਰ ਕਰਕੇ ਰਾਜ ਕਰ ਰਹੇ ਅੰਗਰੇਜ਼ ਤਾਂ ਭਾਵੇਂ ਇਥੋਂ ਚਲੇ ਗਏ ਪਰ ਅੱਜ ਵੀ ਦੁਨੀਆਂ ਦੀਆਂ ਵੱਡੀਆਂ ਦਿਓ ਕੱਦ ਕੰਪਨੀਆਂ ਵੱਲੋਂ ਕਿਸਾਨਾਂ ਦੀਆਂ ਜਮੀਨਾਂ ਅਤੇ ਫਸਲਾਂ ਤੇ ਧੱਕੇ ਨਾਲ ਕਬਜ਼ੇ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਵਿਰੋਧ ਕਰਨ ਤੇ ਪੁਲਿਸ ਵੱਲੋਂ ਜਬਰ ਢਾਹਿਆ ਜਾ ਰਿਹਾ ਹੈ, ਜੇਲਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਇੱਥੋਂ ਤੱਕ ਕਿ ਔਰਤਾਂ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ। ਕਿਸਾਨਾਂ ਮਜ਼ਦੂਰਾਂ ਦੇ ਧੀਆਂ ਪੁੱਤ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੂਝਦੇ ਹੋਏ ਨਸ਼ਿਆਂ ਵੱਲ ਧੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਦੇਸ਼ ਦੇ ਹਾਕਮਾਂ ਵੱਲੋਂ ਧਰਮ ਦੇ ਨਾਂ ਤੇ ਭੜਕਾ ਕੇ ਇੱਕ ਦੂਜੇ ਨਾਲ ਲੜਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।
ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਦੇਸ਼ ਦੇ ਵਿਕਾਸ ਵਿੱਚ ਰੋੜਾ ਕਹਿਕੇ ਉਹਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਵਪਾਰੀਆਂ ਨੂੰ ਕਿਸਾਨਾਂ ਦੇ ਖਿਲਾਫ ਭੜਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਵੱਡੀਆਂ ਵੱਡੀਆਂ ਕੰਪਨੀਆਂ ਦੇ ਮਾਲ ਖੋਹਲੇ ਜਾ ਸਕਣ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਲਿਆਉਣ ਲਈ ਆਪੋ ਆਪਣੀਆਂ ਜਥੇਬੰਦੀਆਂ ਨੂੰ ਹੋਰ ਤਕੜੀਆਂ ਕਰੋ ਅਤੇ ਸੰਘਰਸ਼ਾਂ ਦੇ ਮੈਦਾਨ ਵਿੱਚ ਆਓ।ਐੱਸ ਕੇ ਐੱਮ ਵੱਲੋਂ ਉਲੀਕੇ ਪ੍ਰੋਗਰਾਮ ਮੁਤਾਬਿਕ 28 ਮਾਰਚ ਦੇ ਜਬਰ ਵਿਰੋਧੀ ਦਿਹਾੜੇ ਵਿੱਚ ਭਰਵੀਂ ਸ਼ਮੂਲੀਅਤ ਦੀ ਤਿਆਰੀ ਵਾਸਤੇ 24 ਮਾਰਚ ਨੂੰ ਕੀਤੀਆਂ ਜਾ ਰਹੀਆਂ ਸਰਵ ਸਾਂਝੀਆਂ ਮੀਟਿੰਗਾਂ ਵਿੱਚ ਸਮੂਹ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਤੇ ਹੋਰ ਕਿਰਤੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਅੱਜ ਹੋਰਨਾਂ ਬੁਲਾਰਿਆਂ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਗੁਰਵਿੰਦਰ ਸਿੰਘ ਪੰਨੂ, ਜਗਦੇਵ ਸਿੰਘ ਜੋਗੇਵਾਲਾ , ਜਗਸੀਰ ਸਿੰਘ ਝੁੰਬਾ, ਕਰਮਜੀਤ ਕੌਰ ਲਹਿਰਾ ਖਾਨਾ ਅਤੇ ਟੀ ਐਸ ਯੂ ਦੇ ਆਗੂ ਵੀ ਹਾਜ਼ਰ ਸਨ।