ਕਿਸਾਨ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ, ਗੱਲਬਾਤ ਲਈ ਸਾਡੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ - ਅਮਨ ਅਰੋੜਾ
- ਕਿਹਾ! ਬਜਟ “ਬਦਲਦੇ ਪੰਜਾਬ “ ਦਾ ਰੋਡਮੈਪ - ਅਗਲੇ 2 ਸਾਲ ਵਿਕਾਸ ਨੂੰ ਹੋਣਗੇ ਸਮਰਪਿਤ, ਵਿਕਾਸ ਗਤੀ ਵਿੱਚ ਤੇਜ਼ੀ ਆਵੇਗੀ
- ਮੋਗਾ ਵਿਖੇ ਰਮਨ ਮਿੱਤਲ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਮੋਗਾ, 30 ਮਾਰਚ 2025 - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦੇ ਸੱਦੇ ਦਾ ਉਹ ਸਵਾਗਤ ਕਰਦੇ ਹਨ। ਪਰ ਉਹਨਾ ਕਿਸਾਨਾਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਉਹਨਾਂ ਨੇ ਸੜਕੀ ਆਵਾਜਾਈ ਰੋਕ ਕੇ ਸੂਬੇ ਦੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਤਾਂ ਪੰਜਾਬ ਸਰਕਾਰ ਇਹ ਬਰਦਾਸ਼ਤ ਨਹੀਂ ਕਰੇਗੀ। ਉਹ ਅੱਜ ਸਥਾਨਕ ਨਗਰ ਸੁਧਾਰ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਸ਼੍ਰੀ ਰਮਨ ਮਿੱਤਲ ਅਤੇ ਦੋ ਹੋਰ ਟਰੱਸਟੀਆਂ ਸ਼੍ਰੀ ਜਗਦੀਸ਼ ਸ਼ਰਮਾ ਅਤੇ ਸ੍ਰ ਪਿਆਰਾ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਸਮਾਗਮ ਵਿੱਚ ਵਿਸ਼ੇਸ਼ ਤੌਰ ਉਤੇ ਸ਼ਾਮਿਲ ਹੋਣ ਲਈ ਪਹੁੰਚੇ ਸਨ।
ਉਹਨਾਂ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਪੰਜਾਬ ਸਰਕਾਰ ਨਾਲ ਸਿੱਧਾ ਕੋਈ ਸੰਬੰਧ ਨਹੀਂ ਹੈ। ਇਹ ਸਾਰੇ ਮੁੱਦੇ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ। ਪੰਜਾਬ ਸਰਕਾਰ ਤਾਂ ਹਮੇਸ਼ਾ ਹੀ ਕਿਸਾਨਾਂ ਅਤੇ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਤੋਂ ਜ਼ਿਆਦਾ ਬਿਜਲੀ, ਘਰਾਂ ਨੂੰ ਮੁਫ਼ਤ ਬਿਜਲੀ ਅਤੇ ਟੇਲਾਂ ਤੱਕ ਪਾਣੀ ਲਗਾਤਾਰ ਦੇ ਰਹੀ ਹੈ। ਪੰਜਾਬ ਸਰਕਾਰ ਦੇ ਦਰਵਾਜ਼ੇ ਕਿਸਾਨਾਂ ਲਈ ਹਮੇਸ਼ਾਂ ਹੀ ਖੁੱਲ੍ਹੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤਾ ਗਿਆ ਬਜਟ “ਬਦਲਦੇ ਪੰਜਾਬ “ ਦਾ ਰੋਡਮੈਪ ਪੇਸ਼ ਕਰਦਾ ਹੈ, ਜਿਸ ਰਾਹੀਂ ਅਗਲੇ 2 ਸਾਲ ਵਿਕਾਸ ਨੂੰ ਸਮਰਪਿਤ ਕੀਤੇ ਜਾਣਗੇ। ਵਿਕਾਸ ਕਾਰਜਾਂ ਵਿੱਚ ਕਈ ਗੁਣਾ ਤੇਜ਼ੀ ਦਰਜ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰੀਵੈਂਨਸ਼ਨ, ਇਨਫੋਰਸਮੈਂਟ ਅਤੇ ਰੀਹੈਬਿਲੀਟੇਸ਼ਨ ਦੀ ਤਿੰਨ ਪਰਤੀ ਨੀਤੀ ‘ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨਸ਼ਾ ਤਸਕਰਾਂ ਵਲੋਂ ਨਸ਼ੇ ਦੀ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਨੂੰ ਤੋੜਿਆ ਤੇ ਜ਼ਬਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਸ੍ਰੀ ਅਰੋੜਾ ਨੇ ਇਹ ਵੀ ਦੱਸਿਆ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਅਤੇ ਸਵੈ ਰੋਜ਼ਗਾਰ ਸਥਾਪਿਤ ਕਰਨ ਦੇ ਮਕਸਦ ਨਾਲ ਰੋਜ਼ਗਾਰ ਬਿਊਰੋ ਵਲੋਂ ਵੱਖ-ਵੱਖ ਕਿੱਤਿਆਂ ਦੇ ਸਿਖਲਾਈ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨਵ ਨਿਯੁਕਤ ਚੇਅਰਮੈਨ ਅਤੇ ਟਰੱਸਟੀਆਂ ਨੂੰ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਵਿਕਾਸ ਕੰਮਾਂ ਬਾਰੇ ਪ੍ਰਸਤਾਵ ਜਲਦ ਭੇਜਣ।
ਇਸ ਮੌਕੇ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚੰਨੀ, ਚੇਅਰਮੈਨ ਮਾਰਕੀਟ ਕਮੇਟੀ ਸ੍ਰ ਹਰਜਿੰਦਰ ਸਿੰਘ ਰੋਡੇ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ, ਐੱਸ ਪੀ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਤੇ ਕੌਂਸਲਰ ਹਾਜ਼ਰ ਸਨ ।