'50 ਬੰਬ' ਬਿਆਨ ਮਾਮਲਾ: ਪ੍ਰਤਾਪ ਸਿੰਘ ਬਾਜਵਾ ਤੋਂ 5.30 ਘੰਟੇ ਪੁੱਛਗਿੱਛ, ਵੱਧ ਸਕਦੀਆਂ ਨੇ ਮੁਸ਼ਕਲਾਂ
ਮੋਹਾਲੀ, 16 ਅਪ੍ਰੈਲ 2025 : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਵਿਰੁੱਧ ‘50 ਬੰਬਾਂ’ ਬਾਰੇ ਵਿਵਾਦਤ ਬਿਆਨ ਦੇ ਮਾਮਲੇ ਵਿੱਚ ਪੁਲਿਸ ਨੇ 5 ਘੰਟੇ 30 ਮਿੰਟ ਤੱਕ ਪੁੱਛਗਿੱਛ ਕੀਤੀ, ਪਰ ਸੂਤਰਾਂ ਅਨੁਸਾਰ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ।
ਪੁਲਿਸ ਵੱਲੋਂ ਮੰਗਲਵਾਰ ਨੂੰ ਉਨ੍ਹਾਂ ਨੂੰ ਮੋਹਾਲੀ ਸਾਈਬਰ ਕ੍ਰਾਈਮ ਥਾਣੇ 'ਤੇ ਬੁਲਾਇਆ ਗਿਆ ਸੀ, ਜਿੱਥੇ ਬਾਜਵਾ ਆਪਣੇ ਵਕੀਲ ਨਾਲ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਾਜਵਾ ਨੇ ਸਰੋਤ ਜਾਂ ਬੰਬਾਂ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।
ਕੇਸ ਹੋ ਸਕਦਾ ਹੈ ਹੋਰ ਗੰਭੀਰ
ਪੁਲਿਸ ਮੰਨਦੀ ਹੈ ਕਿ ਬਾਜਵਾ ਵੱਲੋਂ ਦਿੱਤਾ ਗਿਆ ਬਿਆਨ ਸੂਬੇ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਹੋ ਸਕਦੀ ਹੈ। ਇਸ ਨਜ਼ਰੀਏ ਤੋਂ, ਉਨ੍ਹਾਂ ਵਿਰੁੱਧ ਹੋਰ ਗੰਭੀਰ ਧਾਰਾਵਾਂ ਹੇਠ ਕੇਸ ਦਰਜ ਕੀਤਾ ਜਾ ਸਕਦਾ ਹੈ।
ਕਾਂਗਰਸ ਆਗੂਆਂ ਦਾ ਧਰਨਾ ਤੇ ਨਾਅਰੇਬਾਜ਼ੀ
ਪ੍ਰਤਾਪ ਸਿੰਘ ਬਾਜਵਾ ਦੀ ਪੁੱਛਗਿੱਛ ਦੌਰਾਨ ਪੰਜਾਬ ਕਾਂਗਰਸ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂ ਵੀ ਥਾਣੇ ਪਹੁੰਚੇ, ਪਰ ਸਿਰਫ਼ ਬਾਜਵਾ ਅਤੇ ਉਨ੍ਹਾਂ ਦੇ ਵਕੀਲ ਨੂੰ ਹੀ ਅੰਦਰ ਜਾਣ ਦੀ ਇਜਾਜ਼ਤ ਮਿਲੀ। ਇਸ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਥਾਣੇ ਬਾਹਰ ਧਰਨਾ ਦਿੱਤਾ ਅਤੇ 'ਆਪ' ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।