ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਵਕੀਲ ਵੀ ਬਣ ਸਕਣਗੇ ਸਰਕਾਰੀ ਵਕੀਲ-ਐਮ.ਐਲ.ਏ. ਦੇਵ ਮਾਨ
-ਵਿਧਾਇਕ ਦੇਵ ਮਾਨ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਕੀਤਾ ਧੰਨਵਾਦ
-ਪਿਛਲੀਆਂ ਸਰਕਾਰਾਂ ਨੇ ਕਦੇ ਨਹੀਂ ਲਈ ਦਲਿਤਾਂ ਦੀ ਸਾਰ-ਦੇਵ ਮਾਨ
ਨਾਭਾ, 17 ਅਪ੍ਰੈਲ:
ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਆਜ਼ਾਦੀ ਤੋਂ ਹੁਣ ਤੱਕ ਰਵਾਇਤੀ ਪਾਰਟੀਆਂ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਵੋਟਾਂ ਲੈਣ ਲਈ ਤਾਂ ਵਰਤਿਆਂ ਪਰੰਤੂ ਉਨ੍ਹਾਂ ਦੇ ਪੈਰੋਕਾਰਾਂ ਤੇ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਾ ਦਿੱਤੇ।
ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਕੀਲਾਂ ਦੀ ਭਰਤੀ 'ਚ ਰਾਖਵੇਂਕਰਨ ਦੇ ਦਿੱਤੇ ਗਏ ਫ਼ੈਸਲੇ ਨਾਲ ਹੁਣ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਬੱਚੇ, ਜੋ ਵਕੀਲ ਹਨ ਪਰੰਤੂ ਉਨ੍ਹਾਂ ਨੇ ਕਦੇ ਪੰਜਾਬ 'ਚ ਏ.ਜੀ, ਡਿਪਟੀ ਏ.ਜੀ. ਤੇ ਸਰਕਾਰੀ ਵਕੀਲ ਬਣਨ ਦਾ ਸੁਪਨਾ ਵੀ ਨਹੀਂ ਸੀ ਲਿਆ, ਉਹ ਹੁਣ ਐਡਵੋਕੇਟ ਜਨਰਲ ਅਤੇ ਹਾਈ ਕੋਰਟਾਂ ਦੇ ਜੱਜ ਬਣਨਗੇ।
ਦੇਵ ਮਾਨ ਨੇ ਅੱਗੇ ਦੱਸਿਆ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਦੇ ਦਲਿਤਾਂ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪਹਿਲੀ ਵਾਰ ਲਾਅ ਅਫ਼ਸਰਾਂ ਦੀਆਂ 58 ਅਸਾਮੀਆਂ ਰਾਖਵੀਆਂ ਰੱਖੀਆਂ, ਪਰੰਤੂ 2017 ਦੇ ਐਕਟ ਦੇ ਮਾਪਦੰਡਾਂ 'ਚ ਸੀਨੀਅਰ ਐਡਵੋਕੇਟ ਜਨਰਲ ਦੇ ਅਹੁਦੇ ਲਈ ਆਮਦਨ ਦੀ ਸ਼ਰਤ 20 ਲੱਖ ਰੁਪਏ ਸਾਲਾਨਾ, ਐਡੀਸ਼ਨਲ ਐਡਵੋਕੇਟ ਜਨਰਲ ਲਈ 15 ਲੱਖ ਰੁਪਏ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਲਈ 10 ਲੱਖ ਰੁਪਏ, ਡਿਪਟੀ ਐਡਵੋਕੇਟ ਜਨਰਲ ਲਈ 7 ਲੱਖ ਰੁਪਏ, ਸਹਾਇਕ ਐਡਵੋਕੇਟ ਜਨਰਲ ਲਈ 3.5 ਲੱਖ ਰੁਪਏ ਸੀ।
ਇਨ੍ਹਾਂ ਸ਼ਰਤਾਂ ਕਰਕੇ 58 ਅਸਾਮੀਆਂ ਵਿੱਚੋਂ 15 ਅਸਾਮੀਆਂ ਖਾਲੀ ਸਨ ਅਤੇ 2017 ਦੇ ਐਕਟ ਵਿੱਚ ਬਣਾਏ ਗਏ ਆਮਦਨ ਕਰ ਦੇ ਮਾਪਦੰਡਾਂ ਅਨੁਸਾਰ, ਯੋਗ ਉਮੀਦਵਾਰ ਨਹੀਂ ਮਿਲੇ, ਜਿਸ ਕਾਰਨ ਪੰਜਾਬ ਸਰਕਾਰ ਨੇ ਇਹ ਇੱਕ ਇਤਿਹਾਸਕ ਫੈਸਲਾ ਹੈ।ਇਸ ਫੈਸਲੇ ਕਾਰਨ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਸਾਰੇ ਉਮੀਦਵਾਰਾਂ ਦਾ ਆਮਦਨ ਕਰ ਅੱਧਾ ਹੋ ਜਾਵੇਗਾ ਤੇ ਇਸ ਮਾਪਦੰਡ ਵਿੱਚ ਵੱਡੀ ਢਿੱਲ ਦੇਣ ਨਾਲ ਖਾਲੀ ਪਈਆਂ 15 ਅਸਾਮੀਆਂ ਨੂੰ ਭਰਿਆ ਜਾ ਸਕੇਗਾ।
ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਦੇਸ਼ ਭਰ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ, ਕਿਸੇ ਵੀ ਰਾਜ ਵਿੱਚ ਵਕੀਲਾਂ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ ਕੋਈ ਰਾਖਵਾਂਕਰਨ ਨਹੀਂ ਸੀ, ਪਰ ਹੁਣ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰੀ ਵਕੀਲਾਂ ਦੀਆਂ ਅਸਾਮੀਆਂ ਹਨ, ਖਾਸ ਕਰਕੇ ਹਾਈ ਕੋਰਟ ਵਿੱਚ, ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵੇਂ ਕਰਨ ਦਾ ਲਾਭ ਦਿੱਤਾ ਹੈ।