ਬਹਿਬਲ ਕਲਾਂ ਗੋਲੀਕਾਂਡ: ਚੰਡੀਗੜ੍ਹ ਅਦਾਲਤ ਕੋਲ ਹੀ ਰਹੇਗਾ ਕੇਸ, ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਜਾਣੋ ਸੁਪਰੀਮ ਕੋਰਟ ਨੇ ਕੀ ਸੁਣਾਇਆ ਫ਼ੈਸਲਾ ?
ਚੰਡੀਗੜ੍ਹ, 17 ਅਪ੍ਰੈਲ 2025 - ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਅਪੀਲ ਰੱਦ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇਸ ਕੇਸ ਦਾ ਟ੍ਰਾਇਲ ਫਰੀਦਕੋਟ ਦੀ ਅਦਾਲਤ ਤੋਂ ਚੰਡੀਗੜ੍ਹ ਦੀ ਅਦਾਲਤ ਵਿੱਚ ਸਿਫ਼ਟ ਕੀਤੇ ਜਾਣ ਦੇ ਹਾਈਕੋਰਟ ਦੇ ਹੁਕਮਾਂ ਨੂੰ ਚੁਨੌਤੀ ਦਿੱਤੀ ਸੀ।
ਦੱਸ ਦੇਈਏ ਕਿ ਹਾਈ ਕੋਰਟ ਨੇ ਪਿਛਲੇ ਸਾਲ 31 ਮਈ ਨੂੰ ਇਸ ਮਾਮਲੇ ਦੇ ਦੋਸ਼ੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ, ਮੁਕੱਦਮੇ ਨੂੰ ਬਹਿਬਲ ਕਲਾਂ ਗੋਲੀਬਾਰੀ ਤੋਂ ਚੰਡੀਗੜ੍ਹ ਦੀ ਹੇਠਲੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਸੀ। ਚਰਨਜੀਤ ਸ਼ਰਮਾ ਨੇ ਇਸ ਮੰਗ ਸਬੰਧੀ ਦਾਇਰ ਪਟੀਸ਼ਨ ਵਿੱਚ ਕਿਹਾ ਸੀ ਕਿ ਫਰੀਦਕੋਟ ਵਿੱਚ ਇਸ ਕੇਸ ਦੀ ਸੁਣਵਾਈ ਦੌਰਾਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ, ਇਸ ਲਈ ਇਸ ਕੇਸ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕੀਤੀ ਜਾਣੀ ਚਾਹੀਦੀ ਹੈ।
ਹਾਈ ਕੋਰਟ ਨੇ ਇਸਨੂੰ ਸਵੀਕਾਰ ਕਰ ਲਿਆ ਅਤੇ ਇਸ ਕੇਸ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕਰ ਦਿੱਤੀ। ਹਾਈ ਕੋਰਟ ਦੇ ਇਸ ਫੈਸਲੇ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਪਰ ਹੁਣ ਸੁਪਰੀਮ ਕੋਰਟ ਨੇ ਸਰਕਾਰ ਦੀ ਇਸ ਅਪੀਲ ਨੂੰ ਰੱਦ ਕਰ ਦਿੱਤਾ ਹੈ।