CM ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ
ਚੰਡੀਗੜ੍ਹ, 24 ਅਪ੍ਰੈਲ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਮੰਤਰੀ ਮੰਡਲ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ। ਕੈਬਨਿਟ ਨੇ ਕਿਹਾ ਕਿ ਇਸ ਹਮਲੇ ਨੇ ਹਰ ਦੇਸ਼ ਵਾਸੀ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚਾਈ ਹੈ ਜੋ ਕਈ ਕੀਮਤੀ ਜਾਨਾਂ ਜਾਣ ਕਰਕੇ ਗਮਗੀਨ ਹਨ। ਮੰਤਰੀ ਮੰਡਲ ਨੇ ਮਾਸੂਮ ਸੈਲਾਨੀਆਂ ‘ਤੇ ਇਸ ਅੱਤਵਾਦੀ ਹਮਲੇ ਨੂੰ ਬੁਜ਼ਦਿਲ ਅਤੇ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ।
ਮੰਤਰੀ ਮੰਡਲ ਨੇ ਕਿਹਾ ਕਿ ਇਸ ਘਿਨਾਉਣੀ ਘਟਨਾ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਅੱਤਵਾਦੀਆਂ ਦਾ ਕੋਈ ਦੀਨ-ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਸੀ। ਇਹ ਹਮਲਾ ਵਹਿਸ਼ੀ ਕਾਰਾ ਹੈ ਕਿਉਂਕਿ ਕੋਈ ਵੀ ਧਰਮ ਅਜਿਹੇ ਘਿਨਾਉਣੇ ਅਪਰਾਧ ਦੀ ਹਰਗਿਜ਼ ਇਜਾਜ਼ਤ ਨਹੀਂ ਦਿੰਦਾ। ਮੰਤਰੀ ਮੰਡਲ ਨੇ ਕਿਹਾ ਕਿ ਇਹ ਹਿੰਸਾ ਮਨੁੱਖਤਾ ’ਤੇ ਸਿੱਧਾ ਹਮਲਾ ਹੈ ਅਤੇ ਇਸ ਘਟਨਾ ਦੀ ਹਰੇਕ ਵਿਅਕਤੀ ਵੱਲੋਂ ਮਜ਼ਹਬ, ਖਿੱਤਾ, ਕੌਮ ਜਾਂ ਕਿਸੇ ਹੋਰ ਵਿਚਾਰਧਾਰਾ ਤੋਂ ਉਪਰ ਉੱਠ ਕੇ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ।