ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨਾ ਸਰਕਾਰ ਦਾ ਉਦੇਸ਼ - ਰੰਧਾਵਾ
ਸੂਬਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਜੰਗੀ ਪੱਧਰ 'ਤੇ ਕੰਮ ਕਰਨ ਲਈ ਪ੍ਰੇਰਿਆ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 07 ਅਗਸਤ - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਪਿੰਡ ਜੌਹਲ ਨੰਗਲ ਵਿਖੇ ਸਮੂਹ ਹਾਜ਼ਰੀਨ ਨੂੰ ਸੂਬਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ ਉੱਤੇ ਕੰਮ ਕਰਨ ਲਈ ਪ੍ਰੇਰਿਆ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਇਲਾਕਾ ਨਿਵਾਸੀਆਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰ ਕੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੁਫ਼ਤ ਵਿੱਚ ਇਲਾਜ ਕੀਤਾ ਜਾਂਦਾ ਹੈ । ਇਸ ਮੌਕੇ ਉਨ੍ਹਾਂ ਲੋਕਾਂ ਨੂੰ ਨਸ਼ੇ ਨਾ ਕਰਨ ਤੇ ਨਸ਼ਿਆਂ ਦੇ ਖ਼ਾਤਮੇ ਦੀ ਸਹੁੰ ਵੀ ਚੁਕਾਈ ਗਈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਸ਼ਾ ਛੁਡਾਓ ਮੁਹਿੰਮ ਦਾ ਹਿੱਸਾ ਬਣ ਕੇ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਕਾਰ ਦਾ ਸਹਿਯੋਗ ਕਰਨ ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਸਪੁੱਤਰ ਮਨਜੋਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਪਿੰਡ ਘੁੰਮਣ ਖ਼ੁਰਦ, ਕੈਲੇ ਕਲਾਂ, ਦਬੁਰਜੀ ਅਤੇ ਘੁੰਮਣ ਕਲਾਂ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਪੰਚਾਇਤਾਂ ਤੇ ਪਿੰਡ ਵਾਸੀਆਂ ਨੂੰ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਦਿਵਾਇਆ।