ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ
ਲੋਕਾਂ ਦੀ ਜਾਨ-ਮਾਲ ਦੀ ਰਾਖੀ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਰੰਧਾਵਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਅਗਸਤ ਦਰਿਆ ਰਾਵੀ ਨਾਲ ਲੱਗਦੇ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡਾਂ ਵਿੱਚ ਆਏ ਹੜ੍ਹਾਂ ਤੋਂ ਲੋਕਾਂ ਨੂੰ ਬਚਾਉਣ ਲਈ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅੱਗੇ ਆਏ ਹਨ। ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਅਤੇ ਆਪਣੇ ਸਾਥੀਆਂ ਦੇ ਨਾਲ ਪਾਣੀ ਵਿੱਚ ਘਿਰੇ ਪਿੰਡਾਂ ਵਿੱਚ ਲੋਕਾਂ ਦੀ ਸਹਾਇਤਾ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਾਰੇ ਡੈਮ ਭਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਸਾਗਰ ਡੈਮ ਅਤੇ ਉੱਝ ਦਰਿਆ ਵਿੱਚੋਂ ਆ ਰਹੇ ਪਾਣੀ ਨਾਲ ਕਈ ਥਾਵਾਂ ਤੋਂ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਨਾਲ ਲੱਗਦੇ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ ਤੇ ਅੰਮ੍ਰਿਤਸਰ ਦੇ ਕਈ ਪਿੰਡ ਹੜ੍ਹ ਦੀ ਮਾਰ ਹੇਠ ਆ ਗਏ ਹਨ ਜਿੱਥੇ ਸਵੇਰ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਬੀ.ਐੱਸ.ਐੱਫ., ਭਾਰਤੀ ਫ਼ੌਜ ਐੱਸ.ਟੀ.ਆਰ.ਐੱਫ਼. ਅਤੇ ਐੱਨ.ਡੀ.ਆਰ.ਐੱਫ਼ ਦੀਆਂ ਟੀਮਾਂ ਨਾਲ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹਤ ਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ ਅਤੇ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਨੁਕਸਾਨ ਘੱਟ ਤੋਂ ਘੱਟ ਹੋਵੇ ਅਤੇ ਲੋਕਾਂ ਨੂੰ ਰਾਹਤ ਪੁੱਜਦੀ ਕੀਤੀ ਜਾਵੇ। ਉਨ੍ਹਾਂ ਕਿਹਾ ਪਾਣੀ ਵਿੱਚ ਘਿਰੇ ਲੋਕ ਸਾਡੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਉੱਥੋਂ ਵਾਪਸ ਸੁਰੱਖਿਅਤ ਸਥਾਨਾਂ ਉੱਤੇ ਲਿਆਂਦਾ ਜਾ ਰਿਹਾ ਹੈ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰਾਵੀ ਦਰਿਆ ਦੀ ਮਾਰ ਵਿੱਚ ਆਏ ਪਿੰਡਾਂ ਦੇ ਵਸਨੀਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਸਥਾਨਾਂ ਉੱਤੇ ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ ਜਿੱਥੇ ਲੋਕਾਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦਰਿਆਵਾਂ ਕੰਢੇ ਦੀ ਵਸੋਂ ਨੂੰ ਚੌਕਸ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਿਸ਼ੇਸ਼ ਚੌਕਸੀ ਰੱਖਣ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਖ਼ੁਦ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਸ ਤੋਂ ਬਾਅਦ ਵਿਸ਼ੇਸ਼ ਗਿਰਦਾਵਰੀ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ।