ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਰਵਾਨਾ
ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲੇ ਲਈ ਰਵਾਨਾ……
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 29 ਅਗਸਤ 2025
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 538ਵੇਂ ਵਿਆਹ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਲੌਕਿਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ| ਇਹ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਚਲਕੇ ਬਟਾਲਾ ਦੇ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ ਦੀ ਅਰੰਭਤਾ ਮੌਕੇ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰ ਕੇ ਕੀਤੀ। ਇਹ ਨਗਰ ਕੀਰਤਨ ਸਥਾਨਕ ਸੇਵਾ ਸਭਾਵਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਕੇ ‘ਜੋ ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋ ਕੇ ਵੱਖ-ਵੱਖ ਥਾਵਾਂ ’ਤੇ ਪੁੱਜਿਆ। ਪਿੰਡ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਫੱਤੂਢੀਂਗਾ, ਉਚਾ, ਸੈਫਲਾਬਾਦ, ਘਣੀਕੇ, ਖੇੜਾ ਬੇਟ, ਸੁਰਖਪੁਰ, ਸੰਗੋਜਲਾ, ਜਾਤੀਕੇ, ਭੰਡਾਲ ਬੇਟ, ਧਾਲੀਵਾਲ ਬੇਟ, ਅੱਡਾ ਮੀਆਂ ਬਾਕਰਪੁਰ (ਢਿਲਵਾਂ), ਬਿਆਸ, ਬਾਬਾ ਸਾਹਿਬਕਾ, ਬਿਆਸ। ਬਟਾਲਾ ਸ਼ਹਿਰ, ਲੱਕੜ ਮੰਡੀ, ਹੰਸਾਲੀਪੁਲ, ਬਾਬਾ ਬਕਾਲਾ।ਸਤਿਕਰਤਾਰੀਆ ਸਾਹਿਬ ਪਹੁੰਚਣਗੇ ਅਤੇ ਉੱਥੇ ਸੰਪੂਰਨਤਾ ਹੋਵੇਗੀ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਗਰ ਕੀਰਤਨ ਦੀ ਆਰੰਭਤਾ ਲਈ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਗਰ ਕੀਰਤਨ ਵਿੱਚ ਵੱਖ-ਵੱਖ ਕੀਰਤਨੀ ਜਥਿਆਂ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਬੱਸਾਂ, ਕਾਰਾਂ, ਟਰੈਕਟਰ ਟਰਾਲੀਆਂ ਅਤੇ ਮੋਟਰ ਸਾਈਕਲਾਂ ਵਿੱਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਗਤ ਵੱਲੋਂ ਅਥਾਹ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ ਅਤੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਨਗਰ ਕੀਰਤਨ ਦੀ ਸੰਗਤ ਵੱਲੋਂ ਚਾਹ, ਪਕੌੜਿਆਂ, ਜਲ ਦੇ ਲੰਗਰ ਵਰਤਾਏ ਗਏ। ਨਗਰ ਕੀਰਤਨ ਦੌਰਾਨ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਗਈ। ਜੋ ਕਿ ਖਿੱਚ ਦਾ ਕੇਂਦਰ ਬਣਿਆ ਰਿਹਾ।ਫੌਜੀ ਬੈਂਡ ਧਾਰਮਿਕ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾ ਰਿਹਾ ਸੀ। ਇਸ ਨਗਰ ਕੀਰਤਨ ਵਿੱਚ ਸੰਤ ਹਰਖੋਵਾਲ ਵਾਲੇ, ਸੰਤ ਸੀਚੇਵਾਲ ਜੀ ਦੇ ਸੇਵਾਦਾਰਾਂ ਅਤੇ ਵੱਖ ਵੱਖ ਰਾਜਨੀਤਕ ਧਾਰਮਿਕ ਸਖਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਡੋਗਰਾਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੋਹੀ, ਅਡੀਸ਼ਨਲ ਹੈਡ ਗ੍ਰੰਥੀ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।