ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:
ਪੰਥਕ ਰਵਾਇਤਾਂ ਅਨੁਸਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸਾਸਾਰਾਮ ਲਈ ਇਤਿਹਾਸਕ ਨਗਰ ਕੀਰਤਨ ਰਵਾਨਾ
ਅੰਮ੍ਰਿਤਸਰ, 29 ਅਗਸਤ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਲੰਘੀ ਰਾਤ ਨਗਰ ਕੀਰਤਨ ਦਾ ਸ੍ਰੀ ਪਟਨਾ ਸਾਹਿਬ ਪੁੱਜਣ ’ਤੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਹੋਇਆ।
ਸ੍ਰੀ ਪਟਨਾ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਗੁਰਬਾਣੀ ਕਥਾ ਵਿਚਾਰਾਂ ਕੀਤੀਆਂ।
ਇਸ ਮੌਕੇ ਪੰਥਕ ਸ਼ਖ਼ਸੀਅਤਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਆਖਿਆ। ਨਗਰ ਕੀਰਤਨ ਦੀ ਅਰੰਭਤਾ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਸਮੂਹ ਪੰਥਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਿਭਾਈ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਨੂੰ ਮਨਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਇਸ ਧਰਤੀ ਲਈ ਮਹਾਨ ਪਰਉਪਕਾਰ ਹੈ ਅਤੇ ਇਹ ਇਤਿਹਾਸਕ ਮੌਕਾ ਗੁਰੂ ਸਾਹਿਬ ਦੇ ਉਪਕਾਰਾਂ ਨੂੰ ਯਾਦ ਕਰਨ ਦਾ ਹੈ। ਐਡਵੋਕੇਟ ਧਾਮੀ ਨੇ ਪਟਨਾ ਸਾਹਿਬ ਦੀਆਂ ਸਥਾਨਕ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਜੋ ਕਿ ਕੇਂਦਰ ਸਰਕਾਰ ਦੇ ਭਾਈਵਾਲ ਹਨ, ਉਨ੍ਹਾਂ ਰਾਹੀਂ ਕੇਂਦਰ ਸਰਕਾਰ ਪਾਸ ਇਕਜੁੱਟਤਾ ਨਾਲ ਉਠਾਉਣ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਹਾਲ ਹੀ ਵਿੱਚ ਆਦੇਸ਼ ਕੀਤੇ ਹਨ ਕਿ ਜਿਨ੍ਹਾਂ ਦੀ ਕੈਦ ਵੀਹ ਸਾਲ ਤੋਂ ਵੱਧ ਹੋ ਗਈ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ, ਤੇ ਬੰਦੀ ਸਿੰਘ ਤਾਂ ਤੀਹ-ਤੀਹ ਸਾਲਾਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਨਗਰ ਕੀਰਤਨ ਦਾ ਸਵਾਗਤ ਕਰਨ ਅਤੇ ਹੋਰ ਸਮੁੱਚੇ ਪ੍ਰਬੰਧ ਕਰਨ ਲਈ ਧੰਨਵਾਦ ਵੀ ਕੀਤਾ।
ਇਸ ਤੋਂ ਪਹਿਲਾਂ ਬੀਤੀ ਰਾਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸਮਾਗਮ ਵਿੱਚ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਹਮੇਸ਼ਾ ਆਪਣੇ ਮਹਾਨ ਸ਼ਹੀਦਾਂ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 350 ਸਾਲਾ ਸ਼ਹੀਦੀ ਸਾਕੇ ਨੁੰ ਸਮਰਪਿਤ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਹੈ। ਇਹ ਨਗਰ ਕੀਰਤਨ ਭਾਰਤ ਅੰਦਰ ਲੋਕਾਂ ਸਾਹਮਣੇ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ ਗੂੰਜ ਤੇ ਤਵਾਰੀਖ ਨੂੰ ਯਾਦ ਕਰਵਾ ਰਿਹਾ ਹੈ ਕਿ ਕਿਵੇਂ ਗੁਰੂ ਸਾਹਿਬ ਨੇ ਸ਼ਹਾਦਤ ਦੇ ਕੇ ਇਸ ਮੁਲਕ ਦੀ ਧਾਰਮਿਕ ਅਜ਼ਾਦੀ ਨੂੰ ਬਚਾਇਆ ਸੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਮਨੁੱਖੀ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਸੀ, ਪਰ ਦੁੱਖ ਦੀ ਗੱਲ ਹੈ ਕਿ ਅੱਜ ਸਿੱਖਾਂ ਨਾਲ ਨਿਆਂ ਨਹੀਂ ਹੋ ਰਿਹਾ। ਬੰਦੀ ਸਿੰਘ 30-30 ਸਾਲਾਂ ਤੋਂ ਜੇਲ੍ਹਾਂ ਵਿਚ ਹਨ। ਉਨ੍ਹਾਂ ਕਿਹਾ ਕਿ ਅੱਜ ਭਾਰਤ ਅੰਦਰ ਕਈ ਜਗ੍ਹਾ ਸਿੱਖਾਂ ਦੇ ਕਕਾਰ ਕਿਰਪਾਨ ਤੇ ਕੜੇ ਉਤਰਵਾਏ ਜਾ ਰਹੇ ਹਨ ਅਤੇ ਕਕਾਰਾਂ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਦੇਸ਼ ਦੀ ਧਾਰਮਿਕ ਅਜ਼ਾਦੀ ਲਈ ਸ਼ਹਾਦਤ ਦੇਣ ਵਾਲੇ ਗੁਰੂ ਸਾਹਿਬ ਦੇ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਸੱਟ ਨਾ ਵੱਜੇ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਤੇ ਗ੍ਰੰਥੀ ਗਿਆਨੀ ਬਲਦੇਵ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਅਜੈਬ ਸਿੰਘ ਅਭਿਆਸੀ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਸ. ਲਖਵਿੰਦਰ ਸਿੰਘ, ਜਨਰਲ ਸਕੱਤਰ ਸ. ਇੰਦਰਜੀਤ ਸਿੰਘ, ਓਐੱਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਮੁੰਬਈ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਤਖ਼ਤ ਸ੍ਰੀ ਪਟਨਾ ਸਾਹਿਬ ਸ. ਹਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।