PM Modi ਹੜ੍ਹ ਪੀੜਤ ਰਾਜਾਂ ਦੀ ਮਦਦ ਲਈ ਅੱਗੇ ਆਉਣ : ਡਾ. ਬਲਬੀਰ ਸਿੰਘ
-ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਰਵਾਨਾ
-ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜ ਰਹੀ ਹੈ ਪੰਜਾਬ ਸਰਕਾਰ : ਡਾ. ਬਲਬੀਰ ਸਿੰਘ
ਪਟਿਆਲਾ, 29 ਅਗਸਤ:
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਹੜ੍ਹ ਪੀੜਤ ਰਾਜਾਂ ਦੀ ਮਦਦ ਕਰਨ ਲਈ ਖੁੱਲ੍ਹ ਕੇ ਅੱਗੇ ਆਵੇ। ਇਹ ਪ੍ਰਗਟਾਵਾਂ ਉਨ੍ਹਾਂ ਪਟਿਆਲਾ ਤੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਸ਼ਨ ਅਤੇ ਚਾਰੇ ਦੇ ਟਰੱਕ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤਜਿੰਦਰ ਮਹਿਤਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਏਡੀਸੀ ਅਮਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਮੇਂ ਦੇਸ਼ ਦੇ ਬਹੁਤੇ ਰਾਜ ਹੜ੍ਹਾਂ ਦੀ ਮਾਰ ਹੇਠ ਹਨ ਤੇ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਆਪਦਾ ਮੌਕੇ ਆਪਣਾ ਹੱਥ ਰਾਜਾਂ ਵੱਲ ਵਧਾਉਂਦੇ ਹੋਏ ਤੁਰੰਤ ਰਾਹਤ ਪੈਕੇਜ ਜਾਰੀ ਕਰਨ ਸਮੇਤ ਕੇਂਦਰੀ ਮੰਤਰੀ ਹੜ੍ਹ ਪ੍ਰਭਾਵਿਤ ਰਾਜਾਂ ਦਾ ਦੌਰਾ ਕਰਕੇ ਲੋਕਾਂ ਦੀ ਇਸ ਮੁਸ਼ਕਲ ਦੀ ਘੜੀ 'ਚ ਉਨ੍ਹਾਂ ਨੂੰ ਸਹਾਰਾ ਦੇਣ ਆਉਣ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਵੱਡੀ ਗਿਣਤੀ ਸਮਾਜ ਸੇਵੀ ਸੰਸਥਾਵਾਂ ਤੇ ਐਨ.ਆਰ.ਆਈਜ਼ ਨੇ ਮਦਦ ਲਈ ਆਪਣੇ ਹੱਥ ਅੱਗੇ ਵਧਾਏ ਹਨ, ਜੋ ਸ਼ਲਾਘਾਯੋਗ ਕਦਮ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਮੁੱਚੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਾਰੇ ਮੰਤਰੀ ਫ਼ੀਲਡ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਆਪਦਾ ਮੌਕੇ ਸਿਹਤ ਵਿਭਾਗ ਦੀ ਵੱਡੀ ਜ਼ਿੰਮੇਵਾਰੀ ਬਣ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਮੈਡੀਕਲ ਸੇਵਾਵਾਂ ਉਪਲਬੱਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਦਵਾਈਆਂ ਤੇ ਹੋਰ ਮੈਡੀਕਲ ਉਪਕਰਣ ਪੂਰੀ ਮਾਤਰਾ ਵਿੱਚ ਮੌਜੂਦ ਹਨ ਤੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ 450 ਤੋਂ ਵੱਧ ਐਮਰਜੈਂਸੀ ਰਿਸਪਾਂਸ ਟੀਮਾਂ, 323 ਮੈਡੀਕਲ ਟੀਮਾਂ, 174 ਐਬੂਲੈਂਸਾਂ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪਾਣੀ, ਰਾਸ਼ਨ ਤੇ ਪਸ਼ੂਆਂ ਲਈ ਚਾਰੇ ਦੀ ਜ਼ਰੂਰਤ ਹੈ ਜੋ ਮੁਹੱਈਆਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਹਰੇਕ ਹਲਕੇ ਵਿਚੋਂ ਹੜ੍ਹ ਪੀੜਤਾਂ ਨੂੰ ਰਾਸ਼ਨ ਤੇ ਪਸੂਆਂ ਲਈ ਚਾਰਾ ਭੇਜਿਆਂ ਜਾ ਰਿਹਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਮਹਿਤਾ, ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਟਿਵਾਣਾ, ਚੇਅਰਮੈਨ ਮਾਰਕਿਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਸਕੱਤਰ ਪਟਿਆਲਾ ਸ਼ਹਿਰੀ ਅਮਿਤ ਡਾਬੀ, ਸਕੱਤਰ ਮਾਲਵਾ ਈਸਟ ਜੋਨ ਟਰੇਡ ਵਿੰਗ ਸੰਜੀਵ ਗੁਪਤਾ, ਮੁਖਤਿਆਰ ਗਿੱਲ, ਵਿਨੋਦ ਸਿੰਗਲਾ, ਸੁਮਿਤ ਟਕੇਜਾ, ਰਵੇਲ ਸਿੱਧੂ, ਅਮਰਜੀਤ ਸਿੰਘ, ਅੰਗਰੇਜ ਸਿੰਘ ਅਤੇ ਰਜਿੰਦਰ ਮੋਹਨ ਸਮੇਤ ਵੱਡੀ ਗਿਣਤੀ ਆਪ ਵਲੰਟੀਅਰ ਮੌਜੂਦ ਸਨ।