ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
- ਰਾਹਤ ਕਾਰਜਾਂ ਲਈ ਆਪਣੇ ਐੱਮ.ਪੀ.ਲੈਡ ਫ਼ੰਡ ਵਿੱਚੋਂ ਯੋਗਦਾਨ ਪਾਉਣ ਦਾ ਐਲਾਨ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ, 29 ਅਗਸਤ 2025 - ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਡਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਤੇ ਗੁਰਦਾਸਪੁਰ ਵਿਧਾਨ ਸਭਾ ਹਲਕਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਦੇ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ ਤੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਅਤੇ ਉਨ੍ਹਾਂ ਦਾ ਹਾਲ ਜਾਣਿਆ।
ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਡਾ ਨੇ ਕਿਹਾ ਕਿ ਸਾਡੇ ਪੰਜਾਬ ਦੇ ਕਈ ਹਿੱਸੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਬਹੁਤ ਸਾਰੇ ਪਰਿਵਾਰਾਂ ਦੇ ਘਰ ਡੁੱਬ ਗਏ ਹਨ, ਖੇਤ ਡੁੱਬ ਗਏ ਹਨ ਅਤੇ ਰੋਜ਼ੀ-ਰੋਟੀ ਠੱਪ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ, ਮੈਂ ਸਥਿਤੀ ਦਾ ਜਾਇਜ਼ਾ ਲੈਣ ਅਤੇ ਪੰਜਾਬ ਦੇ ਲੋਕਾਂ ਨੂੰ ਜੋ ਵੀ ਸਹਾਇਤਾ ਮਿਲ ਸਕਦੀ ਹੈ, ਦੇਣ ਲਈ ਗੁਰਦਾਸਪੁਰ ਅਤੇ ਦੀਨਾਨਗਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਸਮੇਤ ਉਹ ਪ੍ਰਭਾਵਿਤ ਲੋਕਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮਾਰ ਦੇ ਮਾਰੇ ਲੋਕਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਉਨ੍ਹਾਂ ਦਾ ਪੁਨਰਵਾਸ ਕੀਤਾ ਜਾਵੇਗਾ ਅਤੇ ਕਮਜ਼ੋਰ ਖੇਤਰਾਂ ਵਿੱਚ ਹੜ੍ਹ ਸੁਰੱਖਿਆ ਉਪਾਵਾਂ ਦੀ ਤਿਆਰੀ ਅਤੇ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਲਈ ਉਹ ਆਪਣੇ ਐੱਮ.ਪੀ.ਲੈਡ ਫ਼ੰਡ ਵਿੱਚੋਂ ਵੀ ਵੱਧ ਤੋਂ ਵੱਧ ਯੋਗਦਾਨ ਪਾਉਣਗੇ।
ਸ੍ਰੀ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਆਪਣਾ ਫ਼ਰਜ਼ ਸਮਝਦੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਭਾਵਿਤ ਇਲਾਕਿਆਂ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਵਿਅਕਤੀ ਤੱਕ ਮਦਦ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਦੀਨਾਨਗਰ ਤੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।